'ਕਿਸੇ ਵੀ ਗਠਜੋੜ ਦੀ ਨਹੀਂ ਸੰਭਾਵਨਾ' ਬਠਿੰਡਾ:ਕਾਂਗਰਸ ਭਵਨ ਵਿਖੇ ਅੱਜ ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਦੀ ਪ੍ਰਧਾਨਗੀ ਵਿੱਚ ਹੋਈ। ਜਿਸ ਨੂੰ ਸੰਬੋਧਨ ਕਰਨ ਲਈ ਪੰਜਾਬ ਕਾਂਗਰਸ ਦੇ ਵਰਕਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਸ਼ੇਸ਼ ਤੌਰ ਉੱਤੇ ਸ਼ਾਮਿਲ ਹੋਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸਮੁੱਚੀ ਲੀਡਰਸ਼ਿਪ, ਪਿੰਡਾਂ ਵਿੱਚੋਂ ਪੰਚ ,ਸਰਪੰਚ, ਬਲਾਕ ਪ੍ਰਧਾਨ ਅਤੇ ਵਰਕਰ ਹਾਜ਼ਰ ਹੋਏ । ਇਸ ਮੌਕੇ ਭਾਰਤ ਭੂਸ਼ਨ ਆਸ਼ੂ ਵੱਲੋਂ ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਦੇ ਨਵ ਨਿਯਕਤ ਅਹੁਦੇਦਾਰਾਂ ਨੂੰ ਸ਼ਨਾਖਤੀ ਪੱਤਰ ਵੀ ਦਿੱਤੇ ਗਏ।
ਗਠਜੋੜ ਉੱਤੇ ਦੋ ਟੁੱਕ:ਕਾਂਗਰਸ ਅਤੇ 'ਆਪ' ਦੇ ਕੌਮਾਂਤਰੀ ਗਠਜੋੜ ਉੱਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਫਿਲਹਾਲ ਕਾਂਗਰਸ ਦੀ ਪੰਜਾਬ ਇਕਾਈ (Punjab unit of Congress) ਦਾ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦਾ ਕੋਈ ਇਰਾਦਾ ਨਹੀਂ ਹੈ ਅਤੇ ਹਾਈ ਕਮਾਂਡ ਦੇ ਫੈਸਲੇ ਉੱਤੇ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਪਰ ਪੰਜਾਬ ਵਿੱਚ 'ਆਪ' ਨਾਲ ਗਠਜੋੜ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ।
ਪਾਰਟੀ ਹਾਈ ਕਮਾਡ ਦੀਆਂ ਹਦਾਇਤਾਂ:ਇਸ ਮੌਕੇ ਕਾਂਗਰਸੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਦੀਆਂ ਹਦਾਇਤਾਂ ਉੱਤੇ ਪੰਜਾਬ ਪ੍ਰਧਾਨ ਦੇ ਦਿਸ਼ਾ ਨਿਰਦੇਸ਼ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਸ਼ਨਾਖ਼ਤੀ ਪੱਤਰ ਦੇ ਕੇ ਹੌਂਸਲਾ ਵਧਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਮੀਟਿੰਗਾਂ ਪ੍ਰਤੀ ਪੰਜਾਬ ਦੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਕਿਉਂਕਿ ਲੋਕ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਦੁਖੀ ਹਨ।
ਕਾਂਗਰਸ ਲੀਡਰਸ਼ਿਪ ਡਰਨ ਵਾਲੀ ਨਹੀਂ: ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਹਰ ਦਿਨ ਮਜਬੂਤ ਹੋ ਰਹੀ ਹੈ ਅਤੇ ਲੋਕ ਮੁੱਦਿਆਂ ਉੱਤੇ ਡਟ ਕੇ ਆਵਾਜ਼ ਚੁੱਕੀ ਜਾ ਰਹੀ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਵਿਜੀਲੈਂਸ ਦੇ ਦਬਕੇ ਨਾਲ ਵਿਰੋਧੀ ਧਿਰ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਪਰ ਕਾਂਗਰਸ ਲੀਡਰਸ਼ਿਪ ਡਰਨ ਵਾਲੀ ਨਹੀਂ ਅਤੇ ਪੰਜਾਬ ਦੇ ਮੁੱਦਿਆਂ ਉੱਤੇ ਡਟ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਸਾਫ ਅਕਸ ਦੇ ਉਮੀਦਵਾਰਾਂ ਨੂੰ ਅੱਗੇ ਲਿਆਉਣ ਲਈ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਵਰਕਰਾਂ ਦੀ ਰਾਏ ਲਈ ਜਾ ਰਹੀ ਹੈ, ਜਿਸ ਲਈ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ੁਦ ਕਮਾਂਡ ਸੰਭਾਲ ਰਹੇ ਹਨ। ਇਸ ਮੌਕੇ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਖੁਸ਼ਬਾਜ ਸਿੰਘ ਜਟਾਣਾ ਨੇ ਸਾਬਕਾ ਮੰਤਰੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਮਜਬੂਤ ਹੋ ਕੇ ਉੱਭਰੇਗੀ ਜਿਸ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।।