ਬਠਿੰਡਾ: ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਦਿਹਾੜੇ ਉੱਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋੜ ਮੇਲੇ ਮੌਕੇ ਨਾਕੇਬੰਦੀ ਕਰ ਸੰਗਤਾਂ ਦੀ ਤਲਾਸ਼ੀ ਲੈਣੀ ਅਤੇ ਉਹਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਰਗੀਆਂ ਘਟਨਾਵਾਂ ਨਾਲ ਪੰਜਾਬ ਵਿੱਚ ਸਰਕਾਰ ਕਾਲੇ ਦੌਰ ਵਰਗਾ ਮਾਹੌਲ ਸਿਰਜ ਰਹੀ ਹੈ।
ਸੀਐੱਮ ਮਾਨ ਨੂੰ ਲਿਆ ਨਿਸ਼ਾਨੇ ਉੱਤੇ: ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਂਅ ਉੱਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਦੀ ਮਾਤਾ ਅਤੇ ਭੈਣ ਨੂੰ ਹਿਰਾਸਤ ਵਿੱਚ ਲੈਣ ਵਰਗੀ ਮੰਦਭਾਗੀ ਖਬਰ ਵੀ ਸਾਹਮਣੇ ਆਈ ਹੈ। ਉਨ੍ਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀਆਂ ਕਾਰਵਾਈਆਂ ਤੁਰੰਤ ਰੋਕੀਆਂ ਜਾਣ। ਉਨ੍ਹਾਂ ਕਿਹਾ ਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਕਿਸੇ ਸਮੇਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਰਾਬ ਪੀ ਕੇ ਪਹੁੰਚੇ ਸਨ ਅਤੇ ਇਸ ਵਾਰ ਭਾਰੀ ਪੁਲਸ ਬਲ ਤਾਇਨਾਤ ਕਰਕੇ ਭਗਵੰਤ ਮਾਨ ਨੇ ਸਿੱਖ ਵਿਰੋਧੀ ਹੋਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਗਤ ਸ਼ਰਧਾ ਨਾਲ ਗੁਰੂਘਰ ਵਿੱਚ ਮਹਾਨ ਤਿਉਹਾਰ ਮੌਕੇ ਮੱਥਾ ਟੇਕਣ ਲਈ ਪਹੁੰਚੀ ਪਰ ਸੁਰੱਖਿਆ ਦੇ ਨਾਂਅ ਉੱਤੇ ਬਹੁਤ ਸਾਰੀ ਸੰਗਤ ਦੇ ਰਾਹ ਵਿੱਚ ਰੁਕਾਵਟਾਂ ਪੈਦਾ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਸਮਾਗਮ ਅੰਦਰ ਪਹੁੰਚਣ ਹੀ ਨਹੀਂ ਦਿੱਤਾ ਗਿਆ।