ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਪੂਰੇ ਸੂਬੇ ਵਿੱਚ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਵੱਲੋਂ ਵੱਖ ਵੱਖ ਮੁੱਦਿਆਂ ’ਤੇ ਇੱਕ ਦੂਜੇ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
2017 ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੁੱਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸੀ ਜਿਸ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਖ਼ੂਬ ਸਿਆਸਤ ਕੀਤੀ ਪਰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਮੁੱਦਾ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਨਹੀਂ ਉਭਾਰਿਆ ਜਾ ਰਿਹਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਦੌਰਾਨ ਜਾਨਾਂ ਗਵਾ ਚੁੱਕੇ ਲੋਕਾਂ ਦੇ ਪਰਿਵਾਰ ਵੱਲੋਂ ਇਨਸਾਫ਼ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਕਾਂਗਰਸ ਸਰਕਾਰ ਵੱਲੋਂ ਬੇਅਦਬੀ ਨੂੰ ਲੈ ਕੇ ਕੋਈ ਪੁਖਤਾ ਕਾਰਵਾਈ ਕੀਤੀ। ਕਿਸੇ ਵੀ ਸਿਆਸੀ ਪਾਰਟੀ ਵੱਲੋਂ ਇਸ ਨੂੰ ਉਭਾਰਨ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ ਇੰਝ ਪ੍ਰਤੀਤ ਹੋ ਰਿਹਾ ਹੈ ਜਿਵੇਂ ਸਾਰੀਆਂ ਹੀ ਸਿਆਸੀ ਪਾਰਟੀਆਂ ਲਈ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੋਈ ਮੁੱਦਾ ਹੀ ਨਾ ਰਿਹਾ ਹੋਵੇ।
ਸ਼੍ਰੋਮਣੀ ਅਕਾਲੀ ਦਲ ਨੂੰ ਅਫ਼ਸੋਸ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਈ ਬੇਅਦਬੀ
ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਇਸ ਮਸਲੇ ਨੂੰ ਲੈਕੇ ਰਾਜਨੀਤੀ ਕੀਤੀ ਗਈ।
ਚੋਣਾਂ ਚ ਬੇਅਦਬੀ ਦਾ ਮੁੱਦਾ ਗਾਇਬ ਇਸ ਭਖੇ ਮਸਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਰਦਾਸ ਕੀਤੀ ਗਈ ਸੀ ਜਿਸ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ ਜਿਸ ਨੇ ਕਰਵਾਈ ਹੈ ਅਤੇ ਜੋ ਇਸ ਮੁੱਦੇ ’ਤੇ ਰਾਜਨੀਤੀ ਕਰ ਰਿਹਾ ਹੈ ਉਸਦਾ ਕੱਖ ਨਾ ਰਹੇ। ਉਨ੍ਹਾਂ ਕਿਹਾ ਕਿ ਅੱਜ ਪਰਮਾਤਮਾ ਨੇ ਉਨ੍ਹਾਂ ਦੀ ਅਰਦਾਸ ਸੁਣੀ ਹੈ ਕਾਂਗਰਸ ਵੱਲੋਂ ਇਸ ਮੁੱਦੇ ਨੂੰ ਰਾਜਨੀਤਿਕ ਰੰਗ ਦਿੱਤਾ ਗਿਆ ਸੀ ਤੇ ਅੱਜ ਕਾਂਗਰਸ ਦਾ ਕੱਖ ਨਹੀਂ ਰਿਹਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣਨ ’ਤੇ ਪਹਿਲ ਦੇ ਆਧਾਰ ਤੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬੇਅਦਬੀ ਦੇ ਦੋਸ਼ੀਆਂ ਨੂੰ ਭਾਜਪਾ ਭੇਜੇਗੀ ਜੇਲ੍ਹ ’ਚ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ’ਤੇ ਬੋਲਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਪੁਨੀਤ ਸ਼ੁਕਲਾ ਨੇ ਕਿਹਾ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਭਾਜਪਾ ਆਗੂ ਨੇ ਕਿਹਾ ਕਿ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਵੀ ਭਾਜਪਾ ਵੱਲੋਂ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਵੀ ਜੇਲ੍ਹ ਭੇਜਿਆ ਜਾਵੇਗਾ।
ਆਮ ਆਦਮੀ ਪਾਰਟੀ ਲਈ ਅੱਜ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ
ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਨੀਲ ਗਰਗ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਅੱਜ ਵੀ ਜਿਉਂ ਦਾ ਤਿਉਂ ਖੜ੍ਹਾ ਹੈ ਕਿਉਂਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮੁੱਖ ਮੁੱਦਾ ਬਣਾ ਕੇ ਚੋਣ ਲੜੀ ਗਈ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵਾਅਦਾ ਕੀਤਾ ਗਿਆ ਸੀ ਕਾਂਗਰਸ ਵੱਲੋਂ ਪੰਜਾਬ ਸਰਕਾਰ ਬਣਾਈ ਗਈ ਸੀ ਪਰ ਹਾਲੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਆਮ ਆਦਮੀ ਪਾਰਟੀ ਵੱਲੋਂ ਇਹ ਧਾਰਮਿਕ ਮੁੱਦਾ ਹੋਣ ਕਾਰਨ ਇਸ ਬਾਰੇ ਗੰਭੀਰਤਾ ਨਾਲ ਸੋਚਿਆ ਜਾ ਰਿਹਾ ਹੈ ਅਤੇ ਸਰਕਾਰ ਆਉਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗਾ।
ਕਾਂਗਰਸ ਦਾ ਦਾਵਾ ਦੋਸ਼ੀਆਂ ਖਿਲਾਫ਼ ਕੀਤੀ ਕਾਰਵਾਈ ਮਾਮਲਾ ਕੋਰਟ ਵਿੱਚ
ਕਾਂਗਰਸ ਦੇ ਸਪੋਕਸਪਰਸਨ ਸੁਰਜੀਤ ਸਿੰਘ ਸਵੈਚ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ’ਤੇ ਕਾਂਗਰਸ ਵੱਲੋਂ ਬਣਦੇ ਕਦਮ ਚੁੱਕੇ ਗਏ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਮਾਮਲਿਆਂ ਵਿੱਚ ਬਣਦੀ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਅਤੇ ਕੁਝ ਮਾਮਲੇ ਕੋਰਟ ਵਿੱਚ ਵਿਚਾਰ ਅਧੀਨ ਹੋਣ ਕਾਰਨ ਦੋਸ਼ੀਆਂ ਨੂੰ ਜਲਦ ਹੀ ਸਜ਼ਾਵਾਂ ਮਿਲਣਗੀਆਂ। ਸੁਰਜੀਤ ਸਵੈਚ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ਨੂੰ ਕਾਂਗਰਸ ਨੇ ਹੀ ਗੰਭੀਰਤਾ ਨਾਲ ਲਿਆ ਸੀ ਅਤੇ ਬਾਕੀ ਮਾਮਲਿਆਂ ਵਿੱਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਬੇਅਦਬੀ ਮਾਮਲੇ ਦੀ ਪੈਰਵੀ ਕਰਨ ਵਾਲੇ ਵਕੀਲ ਦਾ ਬਿਆਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ’ਚ ਕੋਰਟ ਵਿੱਚ ਪੈਰਵੀਂ ਕਰ ਰਹੇ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਦਾ ਕਹਿਣਾ ਹੈ ਕਿ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਰੱਜ ਕੇ ਸਿਆਸਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਦੋਸ਼ੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਮਾਮਲੇ ਵਿੱਚ ਸਿਰਫ਼ ਸਿਆਸਤ ਕੀਤੀ ਗਈ ਹੈ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ।
ਵੋਟਾਂ ਮੰਗਣ ਵਾਲਿਆਂ ਤੋਂ ਬੇਅਦਬੀ ਮਸਲੇ ’ਤੇ ਸਵਾਲ ਪੁੱਛੇ ਜਾਣ: ਸੁਖਰਾਜ ਸਿੰਘ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਇਨਸਾਫ ਦੀ ਮੰਗ ਕਰ ਰਹੀ ਸੰਗਤ ’ਤੇ ਚਲਾਈ ਗਈ ਗੋਲੀ ਦੌਰਾਨ ਕ੍ਰਿਸ਼ਨ ਭਗਵਾਨ ਸਿੰਘ ਦੀ ਜਾਨ ਚਲੀ ਗਈ ਸੀ। ਉਨ੍ਹਾਂ ਦੇ ਪੁੱਤਰ ਸੁਖਰਾਜ ਸਿੰਘ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਉਸ ਜਗ੍ਹਾ ਉੱਪਰ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਜਗ੍ਹਾ ਉੱਪਰ ਪੁਲਿਸ ਦੀ ਗੋਲੀ ਨਾਲ ਉਸ ਦੇ ਪਿਤਾ ਦੀ ਜਾਨ ਗਈ ਸੀ।
ਸੁਖਰਾਜ ਸਿੰਘ ਦਾ ਕਹਿਣਾ ਹੈ ਕਿ ਸਿਆਸੀ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਸਿਆਸੀ ਰੋਟੀਆਂ ਜ਼ਰੂਰ ਸੇਕੀਆਂ ਗਈਆਂ ਪਰ ਇੰਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਸਿੱਖ ਕੌਮ ਨੂੰ ਕੋਈ ਇਨਸਾਫ਼ ਨਹੀਂ ਦਿੱਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਸਿਆਸੀ ਆਗੂ ਉਨ੍ਹਾਂ ਕੋਲ ਵੋਟ ਮੰਗਣ ਆਉਂਦਾ ਹੈ ਕ੍ਰਿਪਾ ਕਰਕੇ ਉਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਸਵਾਲ ਜ਼ਰੂਰ ਪੁੱਛਣ।
ਇਹ ਵੀ ਪੜ੍ਹੋ:PM ਨਰਿੰਦਰ ਮੋਦੀ ਦੀ ਪੰਜਾਬ ਫੇਰੀ ਫਿਰ ਵਿਵਾਦਾਂ 'ਚ ਪੰਜਾਬ ਸਰਕਾਰ 'ਤੇ ਵੱਡਾ ਇਲਜ਼ਾਮ !