ਬਠਿੰਡਾ: ਜੀ 20 ਸੰਮੇਲਨ ਤੋਂ ਪਹਿਲਾਂ ਬਠਿੰਡਾ ਦੇ ਪਿੰਡ ਲਹਿਰਾ ਮੁਹੱਬਤ ਵੇਖੀਂ ਲੱਗੇ ਸ੍ਰੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੀਆਂ ਕੰਧਾਂ 'ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਹੁਣ ਨਵਾਂ ਮੋੜ ਆ ਗਿਆ ਹੈ। ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਜੋ ਵੀਡੀਓ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਜਾਰੀ ਕੀਤੀ ਗਈ ਹੈ ਉਹ ਵੀਡੀਓ ਪੁਰਾਣੀ ਹੈ।
ਪਲਾਂਟ ਦੀਆਂ ਕੰਧਾਂ ਉਤੇ ਖਾਲਿਸਤਾਨੀ ਨਾਅਰੇ: ਐਸਐਸਪੀ ਬਠਿੰਡਾ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਲਾਂਟ ਦੀਆਂ ਕੰਧਾਂ ਉਤੇ ਦੇਸ਼ ਵਿਰੋਧੀ ਨਾਅਰੇ ਲਿਖੇ ਗਏ ਹਨ। ਇਸ ਦੇ ਨਾਲ ਹੀ ਰੇਲਵੇ ਟ੍ਰੈਕ ਦੀ ਭੰਨਤੋੜ ਵੀ ਕੀਤੀ ਗਈ ਹੈ। ਮੌਕੇ ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਭੇਜਿਆ ਗਿਆ ਜਿਨ੍ਹਾਂ ਵੱਲੋਂ ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਥ ਰੇਲਵੇ ਟਰੈਕ ਉਪਰ ਕਿਸੇ ਤਰ੍ਹਾਂ ਦਾ ਕੋਈ ਵੀ ਨੁਕਸਾਨ ਨਹੀਂ ਹੋਇਆ। ਇਸ ਸਬੰਧੀ ਉਹਨਾਂ ਵੱਲੋਂ ਰੇਲ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਸੰਪਰਕ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪੱਤਰਕਾਰਾਂ ਨੇ ਕਿਹਾ ਕਿ ਰੇਲਵੇ ਟਰੈਕ ਦੀ ਭੰਨਤੋੜ ਕੀਤੀ ਗਈ ਹੈ। ਪਰ ਐਸਐਸਪੀ ਬਠਿੰਡਾ ਨੇ ਇਸ ਨੂੰ ਸਿਰੇ ਤੋਂ ਨਕਾਰ ਦਿੱਤਾ ਜਦੋਂ ਪੱਤਰਕਾਰਾਂ ਨੇ ਕਿਹਾ ਕਿ ਕੁਝ ਮੀਡੀਆ ਕਰਮੀਆਂ ਨੇ ਉੱਥੇ ਜਾ ਕੇ ਦੇਖਿਆ ਹੈ ਕਿ ਰੇਲਵੇ ਟਰੈਕ ਦੇ ਲੌਕ ਤੋੜੇ ਗਏ ਹਨ ਪਰ ਐਸਐਸਪੀ ਨੇ ਇਸ ਨੂੰ ਝੂਠ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਜਾਂਚ ਦੌਰਾਨ ਅਜਿਹੀ ਕੋਈ ਵੀ ਜਾਣਕਾਰੀ ਨਹੀਂ ਮਿਲੀ।