ਬਠਿੰਡਾ: ਕਿਰਤੀ ਕਿਸਾਨ ਯੂਨੀਅਨ ਨੇ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਝੋਨੇ ਦੀ ਪਰਾਲੀ ਸੁੱਟ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਹੈ। ਇਹ ਪ੍ਰਦਰਸ਼ਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਵਾਲੇ ਕਿਸਾਨਾਂ 'ਤੇ ਹੋਏ ਪਰਚੇ ਦਰਜ ਦੇ ਵਿਰੋਧ 'ਚ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਝੋਨੇ ਦੀ ਪਰਾਲੀ ਜਲਾਏ ਜਾਣ ਨੂੰ ਲੈ ਕੇ ਕਿਸਾਨਾਂ ਦੇ ਉੱਤੇ ਲਗਾਤਾਰ ਹੋ ਰਹੇ ਮੁਕੱਦਮੇ ਦਰਜ ਤੋਂ ਬਾਅਦ ਵੀ ਪਰਾਲੀ ਦਾ ਮੁੱਦਾ ਗਰਮਾਇਆ ਹੋਇਆ ਹੈ।
ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ 'ਚ ਕਿਤੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਈ ਗਈ ਹੈ, ਉਹ ਵੀ ਚਾਹੁੰਦੇ ਹਨ ਕਿ ਵਾਤਾਵਰਣ ਸ਼ੁੱਧ ਰੱਖਿਆ ਜਾ ਸਕੇ। ਦੂਜੇ ਪਾਸੇ ਅਮਰਜੀਤ ਨੇ ਇਹ ਗੱਲ ਵੀ ਕਹੀ ਕਿ ਸਰਕਾਰ ਵੱਲੋਂ ਪਰਾਲੀ ਦਾ ਕੋਈ ਪੱਕਾ ਹੱਲ ਨਹੀਂ ਕੱਢਿਆ ਗਿਆ ਤੇ ਨਾਂ ਹੀ ਕਿਸੇ ਵੀ ਤਰ੍ਹਾਂ ਦੇ ਕੋਈ ਸੰਦ ਮੁਹੱਈਆ ਕਰਵਾਏ ਗਏ ਹਨ ਜਿਸ ਕਾਰਨ ਕਿਸਾਨ ਪਰਾਲੀ ਨੂੰ ਅੱਗ ਲਾਉਣ ਨੂੰ ਮਜਬੂਰ ਹੋ ਰਿਹਾ ਹੈ।