ਬਠਿੰਡਾ: ਜ਼ਿਲ੍ਹਾ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ 15 ਫਰਵਰੀ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਉੱਤੇ ਰਾਜਸਥਾਨ ਪੁਲਿਸ ਵੱਲੋਂ ਜੈਪੁਰ ਵਿਖੇ ਲਿਜਾਇਆ ਗਿਆ ਸੀ। ਹੁਣ ਦੇਰ ਰਾਤ ਰਾਜਸਥਾਨ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁੜ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡਣ ਪਹੁੰਚੀ ਤਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਰਾਤ ਹੋਣ ਕਾਰਨ ਜੇਲ੍ਹ ਵਿੱਚ ਲਿਜਾਉਣ ਤੋਂ ਮਨ੍ਹਾਂ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੇ ਸੀ ਆਈ ਏ ਸਟਾਫ ਵਿੱਚ ਰਾਹਦਾਰੀ ਲਈ ਰੱਖਿਆ ਗਿਆ ਹੈ ਅਤੇ ਸੀ ਆਈ ਏ ਸਟਾਫ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ।
ਸਖਤ ਸੁਰੱਖਿਆ ਪ੍ਰਬੰਧਾਂ ਹੇਠ:ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਸੀ ਆਈ ਸਟਾਫ ਦੇ ਆਲੇ ਦੁਆਲੇ ਬੈਰੀਕੇਟਿੰਗ ਕਰਕੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਰਾਜਸਥਾਨ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੀ ਆਈ ਸਟਾਫ ਬਠਿੰਡਾ ਤੋਂ ਕੇਂਦਰੀ ਜੇਲ੍ਹ ਬਠਿੰਡਾ ਲਿਜਾਇਆ ਗਿਆ। ਇਥੇ ਦੱਸਣਯੋਗ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚੋਂ ਰਾਜਸਥਾਨ ਪੁਲਿਸ 15 ਫਰਵਰੀ ਨੂੰ ਪ੍ਰੋਡਕਸ਼ਨ ਵਾਰੰਟ ਉੱਤੇ ਜੈਪੁਰ ਲੈਕੇ ਗਈ ਸੀ। ਜੈਪੁਰ ਪੁਲਸ ਨੇ ਸੈਂਟਰਲ ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਹਿਰਾਸਤ 'ਚ ਲਿਆ ਸੀ, ਬਿਸ਼ਨੋਈ ਖ਼ਿਲਾਫ਼ ਜੈਪੁਰ ਦੇ ਜਵਾਹਰ ਸਰਕਲ ਥਾਣੇ ਵਿੱਚ ਧਾਰਾ 307 ਦੇ ਤਹਿਤ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਇਸ ਗੱਲ ਦੀ ਪੁਸ਼ਟੀ ਉਸ ਸਮੇਂ ਦੇ ਐਸਐਸਪੀ ਜੇ ਐਲੇਨਚੇਲੀਅਨ ਨੇ ਕੀਤੀ ਸੀ।