ਬਠਿੰਡਾ:ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜਾਬ ਵਿੱਚ ਐੱਸਵਾਈੱਐਲ ਦਾ ਮੁੱਦਾ (The issue of SYL) ਮੁੜ ਭਖਣ ਕਾਰਨ ਸਿਆਸਤ ਗਰਮਾ ਗਈ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਪਰੀਮ ਕੋਰਟ ਵਿੱਚ ਸੀਐੱਮ ਭਗਵੰਤ ਮਾਨ ਸਰਕਾਰ ਵੱਲੋਂ ਰੱਖੇ ਗਏ ਪੱਖ ਨੂੰ ਲੈ ਕੇ ਲਗਾਤਾਰ ਵਿਰੋਧੀਆਂ ਵੱਲੋਂ ਸਵਾਲ ਉਠਾਏ ਜਾ ਰਹੇ ਹਨ। ਜਿੱਥੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਵਿਰੋਧੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਨੂੰ ਐੱਸਵਾਈਐੱਲ ਦੇ ਮੁੱਦੇ ਉੱਤੇ ਬਹਿਸ ਲਈ ਸੱਦਾ ਦਿੱਤਾ ਗਿਆ ਉੱਥੇ ਹੀ ਵਿਰੋਧੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਦੇ ਨੂੰ ਕਬੂਲ ਕਰਦੇ ਹੋਏ 1 ਨਵੰਬਰ ਨੂੰ ਇਕੱਲੇ-ਇਕੱਲੇ ਐੱਸਵਾਈਐੱਲ ਦੇ ਘਟਨਾਕ੍ਰਮ ਦੇ ਜਵਾਬ ਦੇਣ ਦੀ ਗੱਲ ਆਖੀ ਜਾ ਰਹੀ ਹੈ।
ਮੁੜ ਗਰਮਾਇਆ ਮੁੱਦਾ:ਭਾਵੇਂ ਵਿਰੋਧੀਆਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ (Bhagwant maan Chief Minister Punjab) ਵੱਲੋਂ ਲਗਾਤਾਰ ਟਵੀਟ ਕਰਕੇ ਦਿੱਤੇ ਜਾ ਰਹੇ ਹਨ ਪਰ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਐੱਸਵਾਈਐੱਲ ਦੇ ਮੁੱਦੇ ਉੱਤੇ ਭਗਵੰਤ ਮਾਨ ਦੀ ਕਾਰਗੁਜ਼ਾਰੀ ਨੂੰ ਘੇਰਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹਰ ਗੱਲ ਜਨਤਕ ਕੀਤੀ ਜਾ ਰਹੀ ਹੈ ਜਿਸ ਦਾ ਅਸਰ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਤੇ ਵੇਖਣ ਨੂੰ ਮਿਲ ਸਕਦਾ। ਆਮ ਆਦਮੀ ਪਾਰਟੀ ਜਦੋਂ ਦੀ ਨੈਸ਼ਨਲ ਪਾਰਟੀ ਬਣੀ ਹੈ ਤਾਂ ਉਸ ਵੱਲੋਂ ਹਰ ਇੱਕ ਸਟੇਜ ਉੱਤੇ ਜਾਕੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਉੱਤੇ ਚੋਣਾਂ ਲੜੀਆਂ ਜਾ ਰਹੀਆਂ ਹਨ। ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹਨ, ਇਹਨਾਂ ਚੋਣਾਂ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ ਵੱਲੋਂ ਹਰ ਕਦਮ ਸੋਚ ਸਮਝ ਕੇ ਚੁੱਕਿਆ ਜਾ ਰਿਹਾ ਹੈ ਅਤੇ ਲਗਾਤਾਰ ਵਿਰੋਧੀਆਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦਿੱਤੇ ਜਾ ਰਹੇ ਹਨ।
ਦੋਹਰੀ ਰਾਜਨੀਤੀ: ਐੱਸਵਾਈਐੱਲ ਦਾ ਵਿਵਾਦ 2024 ਲੋਕ ਸਭਾ ਚੋਣਾਂ (2024 Lok Sabha Elections) ਤੋਂ ਪਹਿਲਾਂ ਉੱਠਣ ਕਾਰਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਬਣੀ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਹੈ। ਆਮ ਆਦਮੀ ਪਾਰਟੀ ਦੇ ਹਰਿਆਣਾ ਦੇ ਨੁਮਾਇੰਦਾ ਵੱਲੋਂ ਪੰਜਾਬ ਸਰਕਾਰ ਦੀ ਕੋਠੀ ਵਿੱਚ ਆ ਕੇ ਐੱਸਵਾਈਐੱਲ ਦੇ ਮੁੱਦੇ ਉੱਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ ਕਿਉਂਕਿ ਹਰਿਆਣੇ ਦੇ ਨੁਮਾਇੰਦਿਆਂ ਵੱਲੋਂ ਐੱਸਵਾਈਐੱਲ ਨੂੰ ਪੂਰਾ ਕਰਕੇ ਹਰਿਆਣਾ ਨੂੰ ਪਾਣੀ ਦੇਣ ਦੀ ਗੱਲ ਆਖੀ ਜਾ ਰਹੀ ਹੈ। ਉੱਧਰ ਦੂਜੇ ਪਾਸੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਹਰਿਆਣੇ ਨੂੰ ਇੱਕ ਬੂੰਦ ਪਾਣੀ ਨਾ ਦੇਣ ਦੀ ਗੱਲ ਆਖੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਇਸ ਦੋਹਰੀ ਰਾਜਨੀਤੀ ਕਾਰਨ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਨੂੰ ਆਪਣਾ ਸਟੈਂਡ ਐੱਸਵਾਈਐੱਲ ਦੇ ਮੁੱਦੇ ਉੱਤੇ ਸਪੱਸ਼ਟ ਕਰਨ ਦੀ ਗੱਲ ਆਖੀ ਜਾ ਰਹੀ ਹੈ ਕਿਉਂਕਿ ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਵਿੱਚ ਵੀ ਥੋੜ੍ਹਾਂ ਸਮਾਂ ਬਾਕੀ ਹੈ ਅਤੇ ਐੱਸਵਾਈਐੱਲ ਦੇ ਮੁੱਦੇ ਨੂੰ ਉਭਾਰ ਕੇ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਚੋਣਾਂ ਲੜਨੀ ਚਾਹੁੰਦੀ ਹੈ।