ਬਠਿੰਡਾ : ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਮੁਹੱਲਾ ਕਲੀਨਿਕ ਲਗਾਤਾਰ ਖੋਲ੍ਹੇ ਜਾ ਰਹੇ ਹਨ। ਪਰ ਦੂਸਰੇ ਪਾਸੇ ਪਿੰਡਾਂ ਵਿਚਲੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲੀਆਂ ਜ਼ਿਆਦਾਤਰ ਡਿਸਪੈਂਸਰੀਆਂ ਬੰਦ ਹੋਣ ਕੰਢੇ ਪਹੁੰਚ ਗਈਆਂ ਹਨ। ਕਿਉਂਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਇਹਨਾਂ ਡਿਸਪੈਂਸਰੀਆਂ ਵਿੱਚ ਤੈਨਾਤ ਰੂਰਲ ਮੈਡੀਕਲ ਅਫਸਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ, ਜਿਸ ਕਾਰਨ ਜ਼ਿਆਦਾਤਰ ਡਾਕਟਰ ਨੌਕਰੀ ਛੱਡ ਕੇ ਜਾ ਚੁੱਕੇ ਹਨ। ਮੌਜੂਦਾ ਸਮੇਂ ਵਿੱਚ ਇਹਨਾਂ ਡਿਸਪੈਂਸਰੀਆਂ ਵਿਚ ਕੰਮ ਕਰ ਰਹੇ ਡਾਕਟਰਾਂ ਵੱਲੋਂ ਸਰਕਾਰ ਉੱਤੇ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਕਿਉਂਕਿ ਉਨ੍ਹਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ।
ਸਟਾਫ ਨੂੰ ਨਹੀਂ ਮਿਲ ਰਹੀ ਤਨਖਾਹ :ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਵਿਚਲੀਆਂ ਇਹਨਾਂ ਡਿਸਪੈਂਸਰੀਆਂ ਵਿਚ ਕੰਮ ਕਰ ਰਹੇ ਡਾਕਟਰਾਂ ਨੂੰ ਸਮੇਂ ਸਿਰ ਤਨਖਾਹ ਦਿੱਤੀ ਜਾਵੇ ਤਾਂ ਜੋ ਉਹ ਆਪਣੀਆਂ ਚੰਗੀਆਂ ਸੇਵਾਵਾਂ ਲੋਕਾਂ ਨੂੰ ਦੇ ਸਕਣ। ਰੂਰਲ ਮੈਡੀਕਲ ਅਫ਼ਸਰ ਡਾਕਟਰ ਮਨੀਸ਼ ਗੁਪਤਾ ਨੇ ਦੱਸਿਆ 2006 ਵਿਚ 1186 ਡਿਸਪੈਂਸਰੀਆਂ ਸਿਹਤ ਵਿਭਾਗ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਦਿੱਤੀਆਂ ਹੋਈਆਂ ਸਨ। ਇਨ੍ਹਾਂ ਵਿਚ ਕੰਮ ਕਰਨ ਵਾਲੇ ਸਟਾਫ ਨੂੰ ਤਨਖਾਹ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਨ। ਇਨ੍ਹਾਂ ਡਿਸਪੈਂਸਰੀਆਂ ਵਿਚ ਕੰਮ ਕਰਦੇ ਹੋਏ, ਉਨ੍ਹਾਂ ਨੂੰ ਕਰੀਬ 17 ਸਾਲ ਦਾ ਸਮਾਂ ਹੋ ਚੁੱਕਿਆ ਹੈ। ਇਨ੍ਹਾਂ 17 ਸਾਲਾਂ ਵਿੱਚ ਉਨ੍ਹਾਂ ਨੂੰ ਪੰਜ ਸਾਲ ਕੰਟਰੈਕਟ ਬੇਸ ਅਤੇ 12 ਸਾਲ ਤੋਂ ਰੈਗੂਲਰ ਆਪਣੀਆਂ ਸੇਵਾਵਾਂ ਦੇ ਰਹੇ ਹਨ।