ਬਠਿੰਡਾ: ਬੀਤੀ ਅੱਧੀ ਰਾਤ ਤੋਂ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਘਟਾਏ ਜਾਣ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿੱਚ ਆਈ ਵੱਡੀ ਗਿਰਾਵਟ ਨਾਲ ਜਿੱਥੇ ਲੋਕਾਂ ਨੂੰ ਰਾਹਤ ਮਿਲੀ ਉਥੇ ਹੀ ਪੈਟਰੋਲ ਪੰਪ ਮਾਲਕਾਂ ਨੂੰ ਲੱਖਾਂ ਰੁਪਏ ਦਾ ਘਾਟਾ ਝੱਲਣ ਲਈ ਮਜ਼ਬੂਰ ਹੋਣਾ ਪਿਆ ਹੈ। ਬਠਿੰਡਾ ਵਿੱਚ ਪੈਟਰੋਲ ਪੰਪਾਂ ਉੱਤੇ ਵੱਡੀ ਗਿਣਤੀ ਵਿੱਚ ਤੇਲ ਪੁਆਉਣ ਆਏ ਲੋਕਾਂ ਦਾ ਕਹਿਣਾ ਸੀ ਕਿ ਇਸ ਨਾਲ ਜਿੱਥੇ ਰੋਜ਼ਮਰ੍ਹਾ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ’ਤੇ ਰੋਕ ਲੱਗੇਗੀ ਉੱਥੇ ਹੀ ਕਿਸਾਨਾਂ ਨੂੰ ਵੀ ਤੇਲ ਦੀਆਂ ਕੀਮਤਾਂ ਘਟਣ ਨਾਲ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ’ਤੇ ਬਹੁਤ ਕੁਝ ਨਿਰਭਰ ਕਰਦਾ ਹੈ ਅਤੇ ਇਸ ਨਾਲ ਮਹਿੰਗਾਈ ਨੂੰ ਵੀ ਠੱਲ੍ਹ ਪੈਣ ਦੇ ਆਸਾਰ ਹਨ। ਇਸਦੇ ਨਾਲ ਹੀ ਆਮ ਲੋਕਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੀ ਅਪੀਲ ਕਰਦੇ ਨਜ਼ਰ ਆਏ ਹਨ ਕਿ ਸਰਕਾਰ ਤੇਲ ਕੀਮਤਾਂ ਉੱਪਰ ਵੈਟ ਘਟਾਵੇ ਤਾਂ ਜੋ ਲੋਕਾਂ ਨੂੰ ਹੋਰ ਰਾਹਤ ਮਿਲ ਸਕੇ।