ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਪਹੁੰਚੇ ਪਿੰਡ ਬਾਦਲ, ਸੁਖਬੀਰ ਬਾਦਲ ਨਾਲ ਕੀਤਾ ਦੁੱਖ ਸਾਂਝਾ ਬਠਿੰਡਾ :ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਪਹੁੰਚ ਕੇ ਉਹਨਾਂ ਕੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਅਨੁਰਾਗ ਠਾਕੁਰ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਵਿਚ ਕਿਹਾ ਕਿ ਪਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਵੱਡੇ ਸਿਆਸਤਦਾਨ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਸਿਰਫ ਪਰਿਵਾਰ ਜਾਂ ਪੰਜਾਬ ਹੀ ਨਹੀਂ ਬਲਕਿ ਦੇਸ਼ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਬਾਦਲ ਆਪਣੇ ਆਪ ਵਿਚ ਇਕ ਸੰਸਥਾ ਸਨ ਜਿਹਨਾਂ ਨੇ ਦੇਸ਼ ਦੇ ਅਣਗਿਣਤ ਲੋਕਾਂ ਦਾ ਮਾਰਗ ਦਰਸ਼ਨ ਕੀਤਾ ਤੇ ਉਹਨਾਂ ਨੂੰ ਸਮਾਜ ਦੀ ਭਲਾਈ ਵਾਸਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ :Ludhiana Gas Leak: ਸਿਹਤ ਮੰਤਰੀ ਬੋਲੇ ਮੈਂ ਖੁਦ ਹੈਰਾਨ... ਅਜਿਹੀ ਕਿਹੜੀ ਗੈਸ ਜਿਸਨੇ ਇਕੋਦਮ ਲਈ ਲੋਕਾਂ ਦੀ ਜਾਨ?
ਉਹਨਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਸਾਬਕਾ ਰਾਜ ਸਭਾ ਮੈਂਬਰ ਸਰਦਾਰ ਤਰਲੋਚਨ ਸਿੰਘ, ਪੰਜਾਬ ਦੇ ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ, ਸਰਦਾਰ ਨਵਜੋਤ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਅਸ਼ਵਨੀ ਸੇਖੜੀ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਸ੍ਰੀ ਹਰਵਿੰਦਰ ਸਿੰਘ ਲਾਡੀ, ਸ੍ਰੀ ਨਵਤੇਜ ਸਿੰਘ ਚੀਮਾ, ਸ੍ਰੀ ਸੁਰਜੀਤ ਧੀਮਾਨ, ਸ੍ਰੀ ਗੁਰਬਿੰਦਰ ਸਿੰਘ ਅਟਵਾਲ, ਸੁਨੀਲ ਦੱਤ, ਆਰ ਐਸ ਐਸ ਪੰਜਾਬ ਦੇ ਆਗੂ ਨਰੇਂਦਰ ਸ਼ਰਮਾ ਤੇ ਇਕਬਾਲ ਸਿੰਘ ਤੋਂ ਇਲਾਵਾ ਹੋਰ ਵੀ ਕਈ ਲੋਕ ਪਰਕਾਸ਼ ਸਿੰਘ ਬਾਦਲ ਦੇ ਘਰ ਪਹੁੰਚੇ ਸਨ।
ਯਾਦ ਰਹੇ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ 16 ਅਪ੍ਰੈਲ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਵੀਰਵਾਰ ਨੂੰ ਦੁਪਹਿਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।