ਬਠਿੰਡਾ:ਪੰਜਾਬ ਵਿੱਚ ਗੈਂਗਸਟਰ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਘਟਨਾਵਾਂ ਤੋਂ ਬਾਅਦ ਬਠਿੰਡਾ ਪੁਲਿਸ ਵੱਲੋਂ ਇਨ੍ਹਾਂ ਗੈਂਗਸਟਰ ਨਾਲ ਸਬੰਧ ਰੱਖਣ ਵਾਲੇ ਲੋਕਾਂ ਦੇ ਘਰਾਂ ਵਿੱਚ ਅੱਜ ਛਾਪੇਮਾਰੀ ਕੀਤੀ ਗਈ। ਬਠਿੰਡਾ ਪੁਲਿਸ ਵੱਲੋਂ ਚਲਾਏ ਜਾ ਰਹੇ ਓਪਰੇਸ਼ਨ ਵਿੱਚ ਬੰਬੀਹਾ ਗਰੁੱਪ ਦੇ ਨਾਲ ਸਬੰਧਤ ਗੈਂਗਸਟਰਾਂ ਦੇ ਸਮਰਥਕਾਂ ਦੀਆਂ ਵੱਖ ਵੱਖ ਥਾਵਾਂ ਉੱਤੇ ਲਗਭਗ 80 ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ ਗਈ ਹੈ।
ਲਿਸਟ ਤਿਆਰ: ਇਸ ਮੌਕੇ ਉੱਤੇ ਬਠਿੰਡਾ ਦੇ ਐੱਸਐੱਸਪੀ ਜੇ ਇਲਨਚੇਲੀਅਨ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਵਿੱਚ 70 ਤੋਂ 80 ਥਾਵਾਂ ਉੱਪਰ ਅੱਜ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਹੈ ਅਤੇ ਇਸ ਸਰਚ ਅਭਿਆਨ ਵਿੱਚ ਐੱਸਪੀ ਡੀਐਸਪੀ ਖੁਦ ਅਗਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਸਬੰਧ ਰੱਖਣ ਵਾਲੇ ਲੋਕਾਂ ਦੀ ਇੱਕ ਲਿਸਟ ਤਿਆਰ ਕੀਤੀ ਗਈ ਸੀ ਜੋ ਕਿ ਕਿਸੇ ਨਾ ਰੂਪ ਵਿੱਚ ਗੈਂਗਸਟਰਾਂ ਨੂੰ ਮਦਦ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਬਕਾਇਦਾ ਲਿਸਟ ਵਿੱਚ ਉਨ੍ਹਾਂ ਲੋਕਾਂ ਦੇ ਨਾਮ ਵੀ ਸ਼ਾਮਲ ਹਨ ਜੋ ਜੇਲ੍ਹ ਵਿੱਚ ਗੈਂਗਸਟਰਾਂ ਦੇ ਨਾਲ ਰਹੇ ਹਨ ਅਤੇ ਹੁਣ ਜ਼ਮਾਨਤ ਉੱਤੇ ਬਾਹਰ ਆਏ ਹੋਏ ਹਨ। ਉਨ੍ਹਾਂ ਕਿਹਾ ਕਈ ਲੋਕਾਂ ਨੂੰ ਜੋ ਸੋਸ਼ਲ ਮੀਡੀਆ ਰਾਹੀਂ ਇਨ੍ਹਾਂ ਗੈਂਗਸਟਰਾਂ ਨੂੰ ਫੋਲੋ ਕਰਦੇ ਹਨ ਉਨ੍ਹਾਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਗਈ ਹੈ।