ਬਠਿੰਡਾ:ਕੇਂਦਰ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਲਿਆਂਦੀ ਗਈ ਨਵੀਂ ਅਗਨੀਪਥ ਯੋਜਨਾ ਦਾ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਆਉਂਦੇ ਕੁੱਝ ਦਿਨਾਂ ਵਿੱਚ ਹੀ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਬੈਠਕ ਕਰ ਕੇਂਦਰ ਸਰਕਾਰ ਖ਼ਿਲਾਫ਼ ਮੁੜ ਮੋਰਚਾ ਖੋਲ੍ਹਣ ਦੀ ਯੋਜਨਾਬੰਦੀ ਕੀਤੀ ਜਾ ਸਕਦੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਗਨੀਪਥ ਯੋਜਨਾ ਸਰਕਾਰ ਦੀ ਸੋਚੀ ਸਮਝੀ ਸਾਜ਼ਿਸ਼ ਹੈ ਜਿਸ ਤਹਿਤ ਸਾਡੇ ਹੀ ਨੌਜਵਾਨ ਬੱਚਿਆਂ ਨੂੰ ਅਸਲੇ ਦੀ ਟ੍ਰੇਨਿੰਗ ਦੇ ਕੇ ਮੁੜ ਪ੍ਰਾਈਵੇਟ ਸੈਕਟਰ ਰਾਹੀਂ ਕਾਰਪੋਰੇਟ ਘਰਾਣਿਆਂ ਵੱਲੋਂ ਕੁਦਰਤੀ ਸੋਮਿਆਂ ’ਤੇ ਕਬਜ਼ਾ ਕਰਵਾਇਆ ਜਾਵੇਗਾ।
ਅਗਨੀਪਥ ਸਕੀਮ ’ਤੇ ਕਿਸਾਨਾਂ ਦੇ ਖਦਸ਼ੇ:ਕਿਸਾਨ ਆਗੂ ਨੇ ਕਿਹਾ ਕਿ ਇਹ ਚਾਰ ਸਾਲ ਫੌਜ ਵਿਚ ਨੌਕਰੀ ਕਰਨ ਵਾਲੇ ਨੌਜਵਾਨ ਪ੍ਰਾਈਵੇਟ ਸੈਕਟਰ ਵਿੱਚ ਸਕਿਓਰਿਟੀ ਆਦਿ ਦੇ ਕੰਮ ਕਰਦੇ ਨਜ਼ਰ ਆਉਣਗੇ ਅਤੇ ਇਹ ਸਾਡੇ ਹੀ ਖ਼ਿਲਾਫ਼ ਖੜ੍ਹੇ ਹੋਣਗੇ ਕਿਉਂਕਿ ਕੇਂਦਰ ਸਰਕਾਰ ਵੱਲੋਂ ਇਸ ਯੋਜਨਾ ਨੂੰ ਪੂਰੀ ਜਾਂਚ ਪਰਖਣ ਤੋਂ ਬਾਅਦ ਹੀ ਲਿਆਂਦਾ ਜਾ ਰਿਹਾ ਹੈ ਤਾਂ ਜੋ ਕਾਰਪੋਰੇਟ ਘਰਾਣਿਆਂ ਦੇ ਮਨਸੂਬਿਆਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।
ਨੌਜਵਾਨਾਂ ਦੇ ਹੱਕ ਚ ਡਟੇ ਕਿਸਾਨ: ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਵਿਰੋਧ ਹੋਣ ਦੇ ਬਾਵਜੂਦ ਅਗਨੀਪਥ ਯੋਜਨਾ ਸਬੰਧੀ ਕੇਂਦਰ ਸਰਕਾਰ ਵੱਲੋਂ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ ਨੌਜਵਾਨ ਸੜਕਾਂ ’ਤੇ ਹਨ। ਦੇਸ਼ ਦੇ ਕਈ ਸੂਬਿਆਂ ਵਿੱਚ ਅਰਾਜਕਤਾ ਫੈਲ ਚੁੱਕੀ ਹੈ ਪਰ ਕੇਂਦਰ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਸਾਡੇ ਹੀ ਹਨ ਅਤੇ ਇਨ੍ਹਾਂ ਦੇ ਹੱਕਾਂ ਲਈ ਲੜਾਈ ਲੜਨਾ ਸਾਡਾ ਫ਼ਰਜ਼ ਹੈ ਅਤੇ ਜਲਦ ਹੀ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਬੈਠਕ ਸੱਦੀ ਗਈ ਹੈ ਅਤੇ ਇਨ੍ਹਾਂ ਨੌਜਵਾਨਾਂ ਦੇ ਹੱਕ ਵਿੱਚ ਖੜ੍ਹ ਕੇ ਕੇਂਦਰ ਸਰਕਾਰ ਤੋਂ ਅਗਨੀਪੱਥ ਯੋਜਨਾ ਰੱਦ ਕਰਵਾਈ ਜਾਵੇਗੀ।
ਅਗਨੀਪਥ ਸਕੀਮ ਦਾ ਕਾਰਪੋਰੇਟ ਕੁਨੈਕਸ਼ਨ!: ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਅਗਨੀਪੱਥ ਯੋਜਨਾ ਲਿਆਂਦੀ ਕੀ ਹੈ ਇਸ ਦਾ ਅਸੀਂ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਹ ਸਭ ਕਾਰਪੋਰੇਟ ਘਰਾਣਿਆਂ ਦੀ ਸ਼ਹਿ ਉੱਪਰ ਹੋ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੇ ਆਪਣਾ ਫ਼ੈਸਲਾ ਹੈ ਜਲਦ ਵਾਪਸ ਨਾ ਲਿਆ ਤਾਂ ਆਉਂਦੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮੁੱਚੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੌਜਵਾਨਾਂ ਦੇ ਹੱਕ ਵਿੱਚ ਖੜ੍ਹੀਆਂ ਹੋਣਗੀਆਂ ਅਤੇ ਵੱਡੀ ਪੱਧਰ ’ਤੇ ਸੰਘਰਸ਼ ਸ਼ੁਰੂ ਕਰਨਗੀਆਂ।
ਸਰਕਾਰ ਫੌਜ ਦੇ ਢਾਂਚੇ ਨੂੰ ਨਿੱਜੀਕਰਨ ਕਰਨ ’ਤੇ ਤੁਲੀ: ਆਲ ਇੰਡੀਆ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਅਗਨੀਪੱਥ ਯੋਜਨਾ ਲਿਆਂਦੀ ਗਈ ਹੈ ਇਹ ਯੋਜਨਾ ਫ਼ੌਜ ਦੇ ਢਾਂਚੇ ਨੂੰ ਤਹਿਸ ਨਹਿਸ ਕਰਕੇ ਰੱਖ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਹਰ ਉਹ ਸੈਕਟਰ ਜੋ ਲੋਕਾਂ ਨੂੰ ਕਿਸੇ ਨਾ ਕਿਸੇ ਰੂਪ ਵਿੱਚ ਸਬੂਤ ਦਿੰਦਾ ਹੈ ਉਸ ਦਾ ਨਿੱਜੀਕਰਨ ਕਰਨ ’ਤੇ ਤੁਲੀ ਹੋਈ ਹੈ ਜੋ ਕਿ ਸਰਾਸਰ ਗਲਤ ਹੈ ਜਿਸ ਤਰ੍ਹਾਂ ਖੇਤੀਬਾੜੀ ਬਿਲ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ’ਤੇ ਲਿਆਂਦੇ ਗਏ ਸਨ ਉਸੇ ਤਰ੍ਹਾਂ ਅਗਨੀਪਥ ਯੋਜਨਾ ਵੀ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ’ਤੇ ਲਿਆਂਦੀ ਗਈ ਹੈ।