ਬਠਿੰਡਾ: ਬਠਿੰਡਾ ਦੇ ਥਾਣਾ ਨੇਹੀਆਂਵਾਲਾ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਪਿੰਡ ਭੀਸੀਆਣਾ ਦੇ ਕਿਸਾਨ ਖਿਲਾਫ ਮਾਮਲਾ ਦਰਜ, ਪਰਾਲੀ ਦੇ ਧੂੰਏ ਨੂੰ ਲੈ ਕੇ ਲਗਾਤਾਰ ਸਿਆਸਤ ਪੱਕਦੀ ਰਹੀ ਹੈ, ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਕਰੋੜਾਂ ਰੁਪਏ ਜੁਰਮਾਨੇ ਲਗਾਉਣ ਦੀ ਕੇਂਦਰ ਸਰਕਾਰ ਨੇ ਤਜਵੀਜ਼ ਲਿਆਂਦੀ ਸੀ।
ਦੱਸ ਦਈਏ ਕਿ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਪਿਛਲੇ ਤਿੰਨ ਸਾਲਾ ਦੇ ਮੁਕਾਬਲੇ ਵਿੱਚ ਸਭ ਤੋਂ ਵੱਧ ਹਨ। ਹੁਣ ਤੱਕ 60,000 ਖੇਤਾਂ ਵਿੱਚ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ ਤਿੰਨ ਸਾਲਾਂ ਵਿੱਚ ਸਭ ਤੋਂ ਵੱਧ ਅਤੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਸਾਂਝੇ ਕੇਸਾਂ ਨਾਲੋਂ ਵੱਧ ਹਨ। ਹੁਣ ਤੱਕ ਸਰਕਾਰੀ ਅੰਕੜਿਆਂ ਮੁਤਾਬਕ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ 2.11 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਜਿਸ ਵਿਚੋਂ ਸਿਰਫ 4.40 ਲੱਖ ਰੁਪਏ ਦੀ ਵਸੂਲੀ ਹੋਈ ਹੈ।
ਖੇਤੀਬਾੜੀ ਵਿਭਾਗ ਨੇ 20 ਲੱਖ ਹੈਕਟੇਅਰ ਰਕਬੇ ਵਿੱਚ ਪਰਾਲੀ ਦਾ ਪ੍ਰਬੰਧਨ ਕੀਤੇ ਜਾਣ ਦੀ ਉਮੀਦ ਕੀਤੀ ਸੀ। ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੇ ਤਕਰੀਬਨ 40 ਫ਼ੀਸਦੀ ਘੱਟ ਮਾਮਲੇ ਸਾਹਮਣੇ ਆਉਣ ਦੀ ਉਮੀਦ ਕੀਤੀ ਜਾ ਰਹੀ ਸੀ।
ਪੰਜਾਬ ਖੇਤੀਬਾੜੀ ਅਤੇ ਸਹਿਕਾਰੀ ਸਭਾਵਾਂ ਨੂੰ ਆਧੁਨਿਕ ਖੇਤੀ ਉਪਕਰਣ ਖਰੀਦਣ ਲਈ 50 ਤੋਂ 80 ਫ਼ੀਸਦੀ ਸਬਸਿਡੀ ਦੇ ਰਿਹਾ ਹੈ। ਕਿਸਾਨਾਂ ਨੂੰ ਖੇਤੀਬਾੜੀ ਮਹਿਕਮੇ ਵੱਲੋਂ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।