ਬਠਿੰਡਾ :ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫੰਡ ਘਟਾਏ ਜਾਣ ਦੇ ਵਿਰੋਧ ਵਿੱਚ ਬਠਿੰਡਾ ਦੇ ਰਜਿੰਦਰਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਅੱਜ ਇਕ ਰੋਜ਼ਾ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਿਦਿਆਰਥੀਆਂ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਦੇ ਮੁੱਖ ਗੇਟ ਦੇ ਬਾਹਰ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਨੀਤੀ ਉਤੇ ਕੰਮ ਕਰ ਰਹੀ ਹੈ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰੀ ਅਦਾਰਿਆਂ ਦੇ ਫੰਡ ਲਗਾਤਾਰ ਘਟਾਇਆ ਜਾ ਰਹੇ ਹਨ।
ਜੇਕਰ ਇਸੇ ਤਰ੍ਹਾਂ ਫੰਡ ਘਟੇ ਤਾਂ ਜਲਦ ਬੰਦ ਹੋਵੇਗੀ ਪੰਜਾਬੀ ਯੂਨੀਵਰਸਿਟੀ :ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਿਰ ਪਹਿਲਾਂ ਹੀ 187 ਕਰੋੜ ਰੁਪਏ ਦਾ ਕਰਜ਼ਾ ਹੈ ਅਤੇ ਹੁਣ ਬਜਟ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਫੰਡਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਪੰਜਾਬੀ ਯੂਨੀਵਰਸਿਟੀ ਨੂੰ ਆਪਣੇ ਖਰਚੇ ਚਲਾਉਣੀ ਮੁਸ਼ਕਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਿੱਖਿਆ ਨੀਤੀ ਵਿਚ ਸੁਧਾਰ ਕਰਨਾ ਚਾਹੁੰਦੀ ਹੈ ਤਾਂ ਉਹ ਸਰਕਾਰੀ ਅਦਾਰਿਆਂ ਨੂੰ ਪ੍ਰਫੁੱਲਤ ਕਰਨ ਅਤੇ ਉਨ੍ਹਾਂ ਦੇ ਫੰਡ ਘਟਾਵੇ। ਜੇਕਰ ਇਸ ਤਰ੍ਹਾਂ ਸਰਕਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫੰਡ ਘਟਾਉਂਦੀ ਰਹੀ ਤਾਂ ਆਉਂਦੇ ਦਿਨਾਂ ਵਿੱਚ ਇਹ ਹੈ ਕਿ ਬੰਦ ਹੋ ਜਾਵੇਗੀ, ਜਿਸ ਦਾ ਸਿੱਧਾ ਲਾਭ ਪ੍ਰਾਈਵੇਟ ਸੈਕਟਰ ਨੂੰ ਹੋਵੇਗਾ।