ਬਠਿੰਡਾ: ਦੇਸ਼ ਵਿੱਚ ਲੋਕ ਸਭਾ ਚੋਣਾਂ ਵਿੱਚ ਭਾਵੇਂ ਸਮਾਂ ਥੋੜਾ ਰਹਿ ਗਿਆ ਹੈ, ਪਰ ਇਸ ਤੋਂ ਪਹਿਲਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਇਹਨਾਂ ਚੋਣਾਂ ਨੂੰ ਲੈ ਕੇ ਗੱਠਜੋੜ ਕਰਨੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਕਰੀਬ ਇੱਕ ਦਹਾਕੇ ਤੋਂ ਕੇਂਦਰ ਦੀ ਸਤਾ ਉੱਤੇ ਕਾਬਜ਼ ਭਾਜਪਾ ਨੂੰ ਦਰਕਿਨਾਰ ਕਰਨ ਲਈ ਵੱਖ-ਵੱਖ ਨੈਸ਼ਨਲ ਅਤੇ ਖੇਤਰੀ ਰਾਜਨੀਤਿਕ ਪਾਰਟੀਆਂ ਵੱਲੋਂ ਇੰਡੀਆ ਨਾਂ ਦਾ ਗਠਜੋੜ ਕੀਤਾ ਗਿਆ ਹੈ ਜਿ ਕਿ ਲੋਕ ਸਭਾ ਚੋਣਾਂ ਇਕੱਠੇ ਹੋਕੇ ਲੜੇਗਾ।
ਭਾਵੇਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੇ 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਪਰ ਇੰਡੀਆ ਨਾਮਕ ਰਾਜਨੀਤਿਕ ਪਾਰਟੀਆਂ ਦੇ ਅਲਾਇੰਸ ਵੱਲੋਂ ਇਹਨਾਂ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੋਈ ਫੈਸਲਾ ਨਹੀਂ ਲਿਆ ਗਿਆ ਤੇ ਆਪਣੇ ਪੱਧਰ ਉੱਤੇ ਵੱਖ-ਵੱਖ ਸੂਬਿਆਂ ਦੇ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਆਮ ਆਦਮੀ ਪਾਰਟੀ ਤੇ ਕਾਂਗਰਸ ਭਾਰਤ ਪੱਧਰ ਉੱਤੇ ਹੋਏ, ਇਸ ਅਲਾਇੰਸ ਦਾ ਭਾਵੇਂ ਹਿੱਸਾ ਜ਼ਰੂਰ ਹਨ, ਪਰ ਦੋਵੇਂ ਹੀ ਰਾਜਨੀਤਿਕ ਪਾਰਟੀ ਦੇ ਸਟੇਟ ਯੂਨਿਟ ਸਿਆਸੀ ਦਾ ਪੇਚ ਇੱਕ ਦੂਜੇ ਉੱਪਰ ਖੇਡਣ ਤੋਂ ਗਰੇਜ਼ ਨਹੀਂ ਕਰ ਰਹੇ।
'ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦੀ ਰਾਜਨੀਤੀ ਦੇ ਸਮੀਕਰਨ ਬਦਲਣ ਦੇ ਅਸਾਰ':ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 2015 ਐਨ.ਡੀ.ਪੀ.ਸੀ ਐਕਟ ਤਹਿਤ ਦਰਜ ਮਾਮਲੇ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਪੱਧਰ ਦੇ ਬਣੇ ਆਮ ਆਦਮੀ ਪਾਰਟੀ ਦੇ ਗਠਜੋੜ ਵਿੱਚ ਤਰੇੜ ਪੈਂਦੀ ਨਜ਼ਰ ਆ ਰਹੀ ਹੈ, ਕਿਉਂਕਿ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਕਾਰ ਟਕਰਾਅ ਦੀ ਸਥਿਤੀ ਪੈਦਾ ਹੁੰਦੀ ਨਜ਼ਰ ਆ ਰਹੀ ਹੈ, ਕਿਉਂਕਿ ਕਾਂਗਰਸ ਵੱਲੋਂ ਸ਼ਰੇਆਮ ਇਸ ਨੂੰ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤਾ ਜਾ ਰਿਹਾ। ਉੱਥੇ ਹੀ ਦੂਸਰਿਆਂ ਪਾਸੇ ਆਮ ਆਦਮੀ ਪਾਰਟੀ ਦੇ ਬੁਲਾਰਿਆਂ ਵੱਲੋਂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਇੱਕ ਹਿੱਸਾ ਮੰਨਿਆ ਜਾ ਰਿਹਾ ਹੈ।
'ਸਰਕਾਰ ਖ਼ਿਲਾਫ਼ ਬੋਲਣ ਵਾਲਿਆਂ 'ਤੇ ਮਾਮਲੇ ਦਰਜ':ਉੱਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਬਦਨਾਮ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਬਦਲਾਖੋਰੀ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਖ਼ਿਲਾਫ਼ ਬੋਲਣ ਵਾਲਿਆਂ ਨੂੰ ਵਿਰੁੱਧ ਮਾਮਲੇ ਦਰਜ ਕੀਤੇ ਜਾ ਰਹੇ ਹਨ, ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।
'ਪੰਜਾਬ ਵਿੱਚ ਜੰਗਲ ਰਾਜ':ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਸਾਫ਼ ਜ਼ਾਹਿਰ ਹੈ ਕਿ ਪੰਜਾਬ ਵਿੱਚ ਜੰਗਲ ਰਾਜ ਹੈ। ਸਰਕਾਰ ਖ਼ਿਲਾਫ਼ ਬੋਲਣ ਵਾਲਿਆਂ ਨੂੰ ਦਬਾਇਆ ਜਾ ਰਿਹਾ ਕਾਂਗਰਸ ਸੁਖਪਾਲ ਸਿੰਘ ਖਹਿਰਾ ਦੇ ਨਾਲ ਖੜੀ ਹੈ ਅਤੇ ਇਹ ਲੜਾਈ ਕਾਂਗਰਸ ਦੀ ਹੈ। ਨੈਸ਼ਨਲ ਪੱਧਰ ਉੱਤੇ ਅਲਾਇੰਸ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਇਹ ਸਟੇਟ ਯੂਨਿਟ ਨੂੰ ਮਨਜ਼ੂਰ ਨਹੀਂ ਹੈ, ਇਸ ਸਬੰਧੀ ਉਹਨਾਂ ਵੱਲੋਂ ਪਹਿਲਾਂ ਹੀ ਸੀਨੀਅਰ ਲੀਡਰਸ਼ਿਪ ਨੂੰ ਸੂਚਿਤ ਕੀਤਾ ਗਿਆ।
ਸੁਖਪਾਲ ਸਿੰਘ ਖਹਿਰਾ ਨੂੰ ਬਦਲੇ ਦੀ ਰਾਜਨੀਤੀ ਤਹਿਤ ਕੀਤਾ ਗ੍ਰਿਫ਼ਤਾਰ:-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਿਸੇ ਸਮੇਂ ਸੁਖਪਾਲ ਸਿੰਘ ਖਹਿਰਾ ਉੱਤੇ ਦਰਜ ਹੋਏ ਮਾਮਲੇ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜੋਰ ਸ਼ੋਰ ਨਾਲ ਇਹ ਮੁੱਦਾ ਉਠਾਇਆ ਗਿਆ ਸੀ ਤੇ ਇਸ ਨੂੰ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤਾ ਸੀ।
ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੋਕ ਸਭਾ ਵਿੱਚ ਇਹ ਮੁੱਦਾ ਉਠਾਉਣ ਦੀ ਗੱਲ ਕਹੀ ਸੀ ਤੇ ਕਾਨੂੰਨੀ ਮਾਹਿਰਾਂ ਦੀ ਰਾਏ ਲੈ ਕੇ ਸੁਖਪਾਲ ਸਿੰਘ ਖਹਿਰਾ ਨੂੰ ਇਨਸਾਫ਼ ਦਿਵਾਉਣ ਦੀ ਗੱਲ ਆਖੀ ਸੀ। ਪਰ ਅੱਜ ਉਸੇ ਮਾਮਲੇ ਵਿੱਚ ਮੁੱਖ ਮੰਤਰੀ ਬਣਦਿਆਂ ਭਗਵੰਤ ਸਿੰਘ ਮਾਨ ਵੱਲੋਂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਬਦਲੇ ਦੀ ਰਾਜਨੀਤੀ ਤਹਿਤ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਸਰਾਸਰ ਗਲਤ ਹੈ। ਉਹਨਾਂ ਕਿਹਾ ਕਿ ਕਾਂਗਰਸ ਹਮੇਸ਼ਾ ਭਗਵੰਤ ਮਾਨ ਦੀ ਧੱਕੇਸ਼ਾਹੀ ਖ਼ਿਲਾਫ਼ ਡੱਟ ਕੇ ਖੜੇਗੀ ਅਤੇ ਵਿਰੋਧਤਾ ਕਰੇਗੀ।