ਬਠਿੰਡਾ: ਅੱਜ ਗਣਤੰਤਰ ਦਿਵਸ ਮੌਕੇ ਬਠਿੰਡਾ ਵਿੱਚ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਠਿੰਡਾ ਦੇ ਖੇਡ ਸਟੇਡੀਅਮ ਵਿੱਚ ਤਿਰੰਗਾ ਫਹਿਰਾਇਆ। ਉੱਥੇ ਹੀ, ਇਸ ਸਾਮਗਮ ਵਿੱਚ ਆਪਣੀਆਂ ਮੰਗਾਂ ਲੈ ਕੇ ਸੀਐਮ ਮਾਨ ਨੂੰ ਮਿਲਣ ਲਈ ਪਹੁੰਚੇ ਵਿਕਲਾਂਗ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਕੇਡਜ਼ ਉੱਤੇ ਹੀ ਰੋਕ ਦਿੱਤਾ ਗਿਆ। ਵਿਮੁਕਤ ਜਾਤੀ ਨਾਲ ਸਬੰਧਤ ਪ੍ਰਦਰਸ਼ਨਕਾਰੀਆਂ ਨੇ ਵੀ ਰੋਸ ਵਿੱਚ ਆਏ ਪੰਜਾਬ ਸਰਕਾਰ ਵਿਰੁੱਧ ਨਾਅਰੇ ਲਾਏ ਗਏ।
ਅੰਗਹੀਣ ਵਰਗ 'ਚ ਰੋਸ :ਵਿਕਲਾਂਗ ਯੂਨੀਅਨ ਦੇ ਆਗੂਆਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਲਗਾਤਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਸਟੇਡੀਅਮ ਦੇ ਸਮੂਹ ਹੇਠਾਂ ਤੋਂ ਇਧਰ-ਉਧਰ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ਉੱਤੇ ਲਾਗੂ ਕਰਨ ਦੀ ਗੱਲ ਆਖੀ ਗਈ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ।
ਪਿਛਲੀ ਸਰਕਾਰ ਤੇ ਮਾਨ ਸਰਕਾਰ 'ਚ ਕੋਈ ਅੰਤਰ ਨਹੀਂ : ਯਨੀਅਨ ਆਗੂ ਲੱਖਾਂ ਸਿੰਘ ਨੇ ਕਿਹਾ ਕਿ 4 ਪ੍ਰਤੀਸ਼ਤ ਕੋਟੇ ਦੀ ਮੰਗ ਨੂੰ ਲੈ ਕੇ ਉਨ੍ਹਾਂ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਅੱਜ ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਮੰਗ ਪੱਤਰ ਦੇਣ ਲਈ ਬਠਿੰਡਾ ਦੇ ਖੇਡ ਸਟੇਡੀਅਮ ਵਿਖੇ ਪਹੁੰਚੇ ਸਨ। ਪਰ, ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਅਤੇ ਭਗਵੰਤ ਮਾਨ ਸਰਕਾਰ ਵਿੱਚ ਕੋਈ ਅੰਤਰ ਨਹੀਂ ਹੈ। ਉਨ੍ਹਾਂ ਨੇ ਮੰਗ ਕੀਤੀ ਅੰਗਹੀਣ ਲੋਕਾਂ ਨੂੰ ਨੌਕਰੀ ਦਿੱਤੀ ਜਾਵੇ। ਸਾਡੇ ਨਾਲ ਪ੍ਰਸ਼ਾਸਨ ਵੱਲੋਂ ਬਹੁਤ ਖੱਜਲ ਖੁਆਰ ਕੀਤਾ ਗਿਆ ਹੈ।