ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਜਥੇਬੰਦੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਉਪਰਾਲਾ
ਬਠਿੰਡਾ : ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੀ ਸਾਰ ਨਾ ਲਏ ਜਾਣ ਕਾਰਨ ਹੁਣ ਵੱਖ-ਵੱਖ ਸੰਘਰਸ਼ ਜਥੇਬੰਦੀਆਂ ਵੱਲੋਂ ਆਪਣੇ ਪੱਧਰ ਉਤੇ ਹੰਭਲਾ ਮਾਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਕੜੀ ਤਹਿਤ ਅੱਜ ਮਿੰਨੀ ਸਕੱਤਰੇਤ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਖਾਲੀ ਗੱਟਿਆਂ ਦੀਆਂ ਚਾਰ ਗੱਡੀਆਂ ਰਵਾਨਾ ਕੀਤੀਆਂ ਗਈਆਂ।
ਸਰਕਾਰ ਕਰ ਰਹੀ ਡਰਾਮੇਬਾਜ਼ੀ :ਇਸ ਮੌਕੇ ਜਗਸੀਰ ਸਿੰਘ ਝੂੰਬਾ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ ਅਤੇ ਗੰਭੀਰ ਇਲਜ਼ਾਮ ਲਾਏ ਕਿ ਸਰਕਾਰ ਡਰਾਮੇਬਾਜ਼ੀ ਕਰ ਰਹੀ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਪਾਣੀ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਡਰਾਮਾ ਕਰ ਰਹੇ ਹਨ, ਜਦਕਿ ਲੋਕ ਅੱਜ ਵੀ ਮੁਆਵਜ਼ੇ ਨੂੰ ਤਰਸ ਰਹੇ ਹਨ।
ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦਾ ਐਲਾਨ ਕਰੇ ਸਰਕਾਰ : ਉਨ੍ਹਾਂ ਕਿਹਾ ਕਿ ਉਹ ਲੋਕਾਂ ਲਈ ਹਮੇਸ਼ਾ ਤਿਆਰ ਹਨ। ਉਹਨਾਂ ਕਿਹਾ ਕਿ ਦਿੱਲੀ ਮੋਰਚੇ ਵੇਲੇ ਹਰ ਪਿੰਡ ਹਰ ਸ਼ਹਿਰ ਵਿਚੋਂ ਲੋਕਾਂ ਨੇ ਮਦਦ ਕੀਤੀ। ਹੁਣ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਕਿਸਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਮਦਦ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ ਡਰਾਮਾ ਕਰ ਰਹੀ ਹੈ, ਜਦਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਪ੍ਰਤੀ ਗੰਭੀਰ ਨਹੀਂ। ਉਹਨਾਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 50 ਹਜ਼ਾਰ ਰੁਪਏ, ਪ੍ਰਤੀ ਏਕੜ ਫਸਲ ਪੱਚੀ ਹਜ਼ਾਰ ਰੁਪਏ ਪ੍ਰਤੀ ਮਜ਼ਦੂਰ ਮੁਆਵਜ਼ਾ ਦੇਣ ਦੇ ਨਾਲ ਘਰਾਂ ਅਤੇ ਪਸ਼ੂਆਂ ਦਾ ਫੁੱਲ ਮੁਆਵਜ਼ਾ ਦੇਣਾ ਐਲਾਨ ਕੀਤਾ ਜਾਵੇ।
ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੀ ਸਰਕਾਰ ਵੱਡੇ-ਵੱਡੇ ਦਾਅਵੇ ਕਰਦੀ ਹੈ ਕਿ ਉਹ ਹਰ ਕਿਸਮ ਦਾ ਮੁਆਵਜ਼ਾ ਦੇਵੇਗੀ, ਪਰ ਜਿਹੜੀ ਸਰਕਾਰ ਗੱਟੇ ਨਹੀਂ ਮੁਹੱਈਆ ਕਰਵਾ ਸਕਦੀ, ਉਸ ਤੋਂ ਕੀ ਉਮੀਦ ਲਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਵੀ ਚਰਨਜੀਤ ਚੰਨੀ ਵਾਂਗ ਐਲਾਨ ਵਾਲੀ ਮੁੱਖ ਮੰਤਰੀ ਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਪੈਰਾ ਸਿਰ ਖੜ੍ਹੇ ਹੋਣ ਲਈ ਘੱਟੋ-ਘੱਟ 6 ਮਹੀਨੇ ਦਾ ਸਮਾਂ ਲੱਗੇਗਾ, ਪਰ ਅਸੀਂ ਹਰ ਸਮੇਂ ਇਨ੍ਹਾਂ ਨਾਲ ਖੜ੍ਹੇ ਰਹਾਂਗੇ।