Sarbat Khalsa : ਕੀ ਸਰਬੱਤ ਖਾਲਸਾ ਸੱਦਣ ਲਈ ਦੁਚਿੱਤੀ 'ਚ ਨੇ ਜਥੇਦਾਰ ਅਕਾਲ ਤਖ਼ਤ, ਯੂਨਾਇਟਿਡ ਅਕਾਲੀ ਦਲ ਨੇ ਕੀਤਾ ਸਵਾਲ ਬਠਿੰਡਾ:ਪੁਲਿਸ ਦੀ ਗ੍ਰਿਫਤ 'ਚੋਂ ਬਾਹਰ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਸਰਬੱਤ ਖਾਲਸਾ ਬੁਲਾਏ ਜਾਣ ਦੀ ਬੇਨਤੀ ਕੀਤੀ ਗਈ ਸੀ। ਪਰ ਸਰਬੱਤ ਖਾਲਸਾ ਬੁਲਾਏ ਜਾਣ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੁਚਿੱਤੀ ਵਿੱਚ ਨਜ਼ਰ ਆ ਰਹੇ ਹਨ? ਕਿਉਂਕਿ ਕਰੀਬ ਇੱਕ ਹਫ਼ਤੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਬੱਤ ਖਾਲਸਾ ਸੱਦਣ ਸੰਬੰਧੀ ਹਾਲੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ, ਸਗੋਂ ਇਸ ਤੋਂ ਪਹਿਲਾਂ ਸਿੱਖਾਂ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 7 ਅਪ੍ਰੈਲ 2023 ਨੂੰ ਸਿੱਖ ਪੱਤਰਕਾਰਾਂ ਅਤੇ ਬੁੱਧੀਜੀਵੀਆਂ ਦੀ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ। ਜਿਸ ਕਾਰਨ ਸਿੱਖ ਜਗਤ ਵਿਚ ਸਰਬੱਤ ਖਾਲਸਾ ਨੂੰ ਲੈ ਕੇ ਕਈ ਤਰਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਚਲਾਏ ਗਏ ਸਰਚ ਅਭਿਆਨ ਦੌਰਾਨ ਪੰਜਾਬ ਵਿੱਚ ਪੈਦਾ ਹੋਏ ਮਾਹੌਲ ਅਤੇ ਸਿੱਖ ਨੌਜਵਾਨਾ ਦੀ ਫੜੋ-ਫੜੀ ਦੇ ਚਲਦਿਆਂ ਸਰਬੱਤ ਖਾਲਸਾ ਦੌਰਾਨ, ਪੰਜਾਬ ਵਿੱਚ ਸਰਕਾਰ ਵੱਲੋਂ ਸਿਰਜੇ ਜਾ ਰਹੇ ਮਾਹੌਲ ਅਤੇ ਸਿੱਖਾਂ ਲਈ ਪੈਦਾ ਹੋਈਆਂ ਹਾਲਾਤਾਂ, ਸਬੰਧੀ ਕੋਈ ਫੈਸਲਾ ਲਏ ਜਾਣ ਦੀ ਉਮੀਦ ਸਿੱਖ ਜਗਤ ਵੱਲੋਂ ਜ਼ਾਹਰ ਕੀਤੀ ਜਾ ਰਹੀ ਸੀ। ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਾਲੇ ਤੱਕ ਸਰਬੱਤ ਖਾਲਸਾ ਬੁਲਾਉਣ ਸਬੰਧੀ ਕੋਈ ਵੀ ਫੈਸਲਾ ਨਹੀਂ ਲਿਆ ਗਿਆ, ਜਿਸ ਕਾਰਨ ਸਿੱਖ ਬੁੱਧੀਜੀਵੀਆ ਅਤੇ ਸਿੱਖ ਰਾਜਨੀਤਿਕ ਪਾਰਟੀਆਂ ਵੱਲੋਂ ਇਸ ਤੇ ਕਈ ਤਰ੍ਹਾਂ ਦੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ।
2015 ਵਿਚ ਬੁਲਾਏ ਗਏ, ਸਰਬੱਤ ਖਾਲਸਾ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਯੂਨਾਇਟਿਡ ਅਕਾਲੀ ਦਲ ਦੇ ਚੇਅਰਮੈਨ ਗੁਰਦੀਪ ਸਿੰਘ ਬਠਿੰਡਾ ਦਾ ਕਹਿਣਾ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਸਰਬੱਤ ਖਾਲਸਾ ਬੁਲਾਉਣ ਦਾ ਕੋਈ ਅਖ਼ਤਿਆਰ ਨਹੀਂ ਹੈ। ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ਸਰਵ ਪ੍ਰਮਾਨਿਤ ਜਥੇਦਾਰ ਨਹੀਂ ਹਨ। ਸਰਬੱਤ ਖਾਲਸਾ ਬੁਲਾਉਣ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਸਰਬ ਪਰਮਾਨਿਤ ਹੋਣਾ ਜ਼ਰੂਰੀ ਹੈ। ਉਹਨਾਂ ਕਿਹਾ ਕਿ ਜਦੋ 2015 ਵਿੱਚ ਸਰਬੱਤ ਖਾਲਸਾ ਬੁਲਾਇਆ ਗਿਆ ਸੀ, ਤਾਂ ਉਸ ਪਿੱਛੇ ਵੱਡਾ ਕਾਰਨ ਇਹ ਸੀ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵੱਖ-ਵੱਖ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਮਾਫੀ ਦਿੱਤੀ ਗਈ ਸੀ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਕਰੀਬ ਇੱਕ ਕਰੋੜ ਰੁਪਏ ਦੇ ਇਸ਼ਤਿਹਾਰ ਦਿੱਤੇ ਗਏ ਸਨ। ਜਿਸ ਤੋਂ ਖਫਾ ਹੋਏ ਸਿੱਖ ਜਗਤ ਵੱਲੋਂ ਸਰਬੱਤ ਖਾਲਸਾ ਬੁਲਾਇਆ ਗਿਆ ਸੀ। ਉਸ ਸਮੇਂ ਸਰਬੱਤ ਖਾਲਸਾ ਦੌਰਾਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਣਾਇਆ ਗਿਆ ਸੀ। ਅੰਮ੍ਰਿਤਪਾਲ ਸਿੰਘ ਵੱਲੋਂ ਸਰਬੱਤ ਖਾਲਸਾ ਬੁਲਾਏ ਜਾਣ ਤੇ ਟਿੱਪਣੀ ਕਰਦੇ ਹੋਏ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕੀ ਅੰਮ੍ਰਿਤਪਾਲ ਸਿੰਘ ਦਾ ਮਸਲਾ ਇੱਕ ਵਿਅਕਤੀ ਵਿਸ਼ੇਸ਼ ਦਾ ਮਸਲਾ ਹੈ। ਅਜਿਹੇ ਮਸਲਿਆਂ ਵਿੱਚ ਸਰਬੱਤ ਖ਼ਾਲਸਾ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਇਹ ਵੀ ਪੜ੍ਹੋ :Record income from property registries: ਮਾਰਚ ਮਹੀਨੇ 'ਚ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਹੋਈ ਰਿਕਾਰਡ ਆਮਦਨ: ਜਿੰਪਾ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ, ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਸ਼ੁਰੂ ਕੀਤੇ ਗਏ ਨੇ ਮਿਸ਼ਨ ਦੌਰਾਨ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੀ ਵੱਡੀ ਪੱਧਰ ਤੇ ਫੜੋ-ਫੜੀ ਕੀਤੀ ਗਈ ਹੈ | ਅਜਿਹੇ ਹਾਲਾਤ ਪੈਦਾ ਕੀਤੇ ਗਏ ਹਨ, ਕਿ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ, ਅਤੇ ਫੜੇ ਗਏ ਕੁਝ ਨੌਜਵਾਨਾਂ ਨੂੰ ਦੇਸ਼ ਦੇ ਦੂਜੇ ਸੂਬਿਆਂ ਵਿੱਚ ਭੇਜਿਆ ਗਿਆ ਹੈ | ਸਿੱਖ ਜਗਤ ਨਾਲ ਹੋ ਰਹੀ ਧੱਕੇਸ਼ਾਹੀ ਦੇ ਖਿਲਾਫ ਸਰਬੱਤ ਖਾਲਸਾ ਬੁਲਾਇਆ ਜਾਣਾ ਚਾਹੀਦਾ ਹੈ| ਅਤੇ ਇਸ ਸਬੰਧੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਜਲਦ ਫੈਸਲਾ ਲੈ ਕੇ ਸਰਬੱਤ ਖਾਲਸਾ ਵਿਸਾਖੀ ਦੇ ਸ਼ੁਭ ਦਿਹਾੜੇ ਤੇ ਬੁਲਾਇਆ ਜਾਣਾ ਚਾਹੀਦਾ ਹੈ, ਤਾਂ ਜੋ ਸਿੱਖ ਕੌਮ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਚਰਚਾਵਾਂ ਕੀਤੀਆਂ ਜਾ ਸਕਣ।