ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਮੋਹਾਲੀ ਹਾਈਟੈੱਕ ਮੈਟਲ ਕਲੱਸਟਰ ਲਈ ਭਾਰਤ ਸਰਕਾਰ ਦੀ 3.72 ਕਰੋੜ ਰੁਪਏ ਦੀ ਤੀਜੀ ਕਿਸ਼ਤ ਤੁਰੰਤ ਜਾਰੀ ਕਰਨ ਅਤੇ ਹੁਸ਼ਿਆਰਪੁਰ ਵਿਖੇ ਲੱਕੜ ਦੀ ਮੀਨਾਕਾਰੀ ਦੇ ਕਲੱਸਟਰ ਲਈ 'ਸਫੁਰਤੀ' ਸਕੀਮ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਵੀਰਵਾਰ ਦੁਪਹਿਰ ਗਡਕਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮੰਤਰਾਲੇ ਅਧੀਨ ਸੂਬੇ ਦੇ ਬਕਾਇਆ ਪ੍ਰੋਜੈਕਟਾਂ/ਪ੍ਰਵਾਨਗੀਆਂ ਛੇਤੀ ਦਿਵਾਉਣ ਲਈ ਦਖ਼ਲ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ। ਗਡਕਰੀ ਨੇ ਕੈਪਟਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮੰਤਰਾਲਿਆਂ ਵੱਲੋਂ ਪੰਜਾਬ ਨਾਲ ਸਬੰਧਤ ਬਕਾਇਆ ਮਸਲਿਆਂ 'ਤੇ ਵਿਚਾਰ ਕਰਕੇ ਇਸ ਦਾ ਛੇਤੀ ਹੱਲ ਕੱਢਿਆ ਜਾਵੇਗਾ। ਉਨ੍ਹਾਂ ਨੇ ਕੇਂਦਰੀ ਮੰਤਰਾਲਿਆਂ ਦੇ ਮਾਰਗ ਅਤੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈ.) ਦੇ ਖੇਤਰ 'ਚ ਵਿੱਢੇ ਵੱਖ-ਵੱਖ ਉਪਰਾਲਿਆਂ ਤੋਂ ਇਲਾਵਾ ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ਲਈ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।