ਚੰਡੀਗੜ੍ਹ: ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੇ ਆਰਥਿਕ ਸ਼ੋਸ਼ਣ ਸਬੰਧੀ ਮਿਲੀਆਂ ਰਿਪੋਰਟਾਂ 'ਤੇ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ 'ਚ ਸੀ.ਬੀ.ਐੱਸ.ਈ./ਆਈ.ਸੀ.ਐੱਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਸਾਰੇ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਹੁਣ ਪ੍ਰਾਈਵੇਟ ਸਕੂਲ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਵੱਲੋਂ ਸੁਝਾਈ ਗਈ ਦੁਕਾਨ/ਫਰਮ ਤੋਂ ਕਿਤਾਬਾਂ ਜਾਂ ਵਰਦੀਆਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਸਕੂਲ ਵਿੱਚ ਕਿਤਾਬਾਂ ਅਤੇ ਵਰਦੀਆਂ ਦੀ ਵਿੱਕਰੀ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ।
ਇਸ ਸਬੰਧੀ ਜਾਰੀ ਕੀਤੇ ਨਿਰਦੇਸ਼ਾਂ ਮੁਤਾਬਕ ਸਕੂਲ ਵੱਲੋਂ ਲਗਾਈ ਗਈ ਵਰਦੀ ਘੱਟੋ-ਘੱਟ ਤਿੰਨ ਸਾਲ ਲਈ ਲਾਗੂ ਰਹੇਗੀ ਅਤੇ ਇਸ ਸਮੇਂ ਦੌਰਾਨ ਵਰਦੀ ਦੇ ਰੰਗ ਤੇ ਡਿਜ਼ਾਈਨ 'ਚ ਕਿਸੇ ਕਿਸਮ ਦੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਵਰਦੀ ਦੇ ਰੰਗ, ਡਿਜ਼ਾਇਨ, ਟੈਕਸਚਰ/ ਮਟੀਰੀਅਲ ਆਦਿ ਸਬੰਧੀ ਸਾਰੀ ਜਾਣਕਾਰੀ ਸਕੂਲ ਦੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੀ ਜਾਵੇ ਤਾਂ ਜੋ ਮਾਪਿਆਂ ਵੱਲੋਂ ਰੇਡੀਮੇਡ ਵਰਦੀ ਕਿਸੇ ਵੀ ਥਾਂ ਤੋਂ ਖਰੀਦੀ ਜਾ ਸਕੇ ਜਾਂ ਆਪਣੀ ਲੋੜ ਮੁਤਾਬਕ ਸਿਲਵਾਈ ਜਾ ਸਕੇ।
ਇਸਦੇ ਨਾਲ ਹੀ ਸਕੂਲ ਅਥਾਰਟੀਆਂ ਲਈ ਇਹ ਵੀ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਬੋਰਡ ਦੇ ਸਿਲੇਬਸ 'ਤੇ ਅਧਾਰਤ ਪ੍ਰਵਾਨਿਤ ਕਿਤਾਬਾਂ ਹੀ ਵਰਤੀਆਂ ਜਾਣ ਅਤੇ ਇਨ੍ਹਾਂ ਕਿਤਾਬਾਂ ਦੀ ਸੂਚੀ ਸਕੂਲ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਜਾਵੇ ਤਾਂ ਜੋ ਵਿਦਿਆਰਥੀ/ਮਾਪੇ ਆਪਣੀ ਸਹੂਲਤ ਮੁਤਾਬਕ ਕਿਸੇ ਵੀ ਥਾਂ ਤੋਂ ਕਿਤਾਬਾਂ ਖਰੀਦ ਸਕਣ।
ਉਕਤ ਹਦਾਇਤਾਂ ਨੂੰ ਲਾਗੂ ਕਰਨ ਸਬੰਧੀ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਇਹ ਜਾਣਕਾਰੀ ਵੀ ਦਿੱਤੀ ਗਈ ਕਿ ਜਿੰਨਾਂ ਸਕੂਲਾਂ ਦੀ ਵੈੱਬਸਾਈਟ ਨਹੀਂ ਹੈ ਉਹ ਜਲਦੀ ਤੋਂ ਜਲਦੀ ਆਪਣੇ ਸਕੂਲ ਦੀ ਵੈੱਬਸਾਈਟ ਤਿਆਰ ਕਰਵਾ ਕੇ ਕਿਤਾਬਾਂ ਅਤੇ ਵਰਦੀਆਂ ਸਬੰਧੀ ਸਾਰੀ ਸੂਚੀ ਅਪਲੋਡ ਕਰਨ ਅਤੇ ਇਸ ਸਬੰਧੀ ਕਿਸੇ ਕਿਸਮ ਦੀ ਕੋਈ ਕੁਤਾਹੀ ਜਾਂ ਬਹਾਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਹਦਾਇਤਾਂ ਦੀ ਪਾਲਣਾ ਦੇ ਮੱਦੇਨਜ਼ਰ ਸਕੂਲਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ। ਉਕਤ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਦੇ ਐੱਨ.ਓ.ਸੀ. ਰੱਦ ਕਰ ਦਿੱਤੇ ਜਾਣਗੇ।