ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਦਲ ਦੀ ਬੈਠਕ ਹੋਈ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਕੈਪਟਨ ਸਰਕਾਰ 'ਤੇ ਨਿਸ਼ਾਨੇ ਵਿੰਨ੍ਹੇ।
ਲੋਕ ਮੁੱਦਿਆਂ ਤੋਂ ਭੱਜ ਰਹੇ ਹਨ ਕੈਪਟਨ: ਹਰਪਾਲ ਚੀਮਾ
ਚੰਡੀਗੜ੍ਹ 'ਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਦਲ ਦੀ ਬੈਠਕ ਕੀਤੀ ਗਈ ਜਿਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਸ਼ਬਦੀ ਹਮਲੇ ਬੋਲੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2 ਸਾਲ ਦੇ ਨਿਕੰਮੇ ਕਾਰਜਕਾਲ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਚੋਣਾਂ 'ਚ ਹਾਰ ਨਜ਼ਰ ਆਉਣ ਲੱਗੀ ਹੈ। ਨਮੋਸ਼ੀ ਭਰੀ ਹਾਰ ਤੋਂ ਬਚਣ ਲਈ ਕੈਪਟਨ ਜਿੱਥੇ ਬਾਦਲਾਂ ਨਾਲ ਕੁੱਝ ਸੀਟਾਂ 'ਤੇ ਫਰੈਂਡਲੀ ਮੈਚ ਖੇਡ ਰਹੇ ਹਨ, ਉੱਥੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਧਮਕੀਆਂ ਦੇਣ 'ਤੇ ਉੱਤਰ ਆਏ ਹਨ। ਉਹ ਦੂਜੀਆਂ ਪਾਰਟੀਆਂ ਦੇ ਵਿਧਾਇਕ ਤੋੜ ਕੇ ਆਪਣੀ ਚੰਮ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਬੇਸ਼ੱਕ ਇਸ ਨਾਲ ਲੋਕਾਂ 'ਤੇ ਜ਼ਿਮਨੀ ਚੋਣ ਦਾ ਕਿੰਨਾ ਵੀ ਵਾਧੂ ਭਾਰ ਕਿਉਂ ਨਾ ਪੈ ਜਾਵੇ।
ਕੈਪਟਨ ਦੇ ਉਮੀਦਵਾਰਾਂ ਨੇ ਚੋਣਾਂ 'ਚ ਨਸ਼ੇ, ਮਨੀ ਪਾਵਰ ਅਤੇ ਮਸਲ ਪਾਵਰ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ। ਬਠਿੰਡਾ ਤੋਂ ਉਮੀਦਵਾਰ ਰਾਜਾ ਵੜਿੰਗ ਵੱਲੋਂ ਬੁਢਲਾਡਾ ਦੇ ਇੱਕ ਸਮਾਜ ਸੇਵੀ ਨੂੰ 50 ਹਜ਼ਾਰ ਰੁਪਏ ਨਾਲ ਖ਼ਰੀਦਣ ਦੀ ਕੋਸ਼ਿਸ਼ ਇਸ ਦੀ ਪ੍ਰਤੱਖ ਮਿਸਾਲ ਹੈ। ਚੀਮਾ ਨੇ ਦੱਸਿਆ ਕਿ ਉਨ੍ਹਾਂ ਇਸ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਦਿੱਤੀ ਹੈ।