ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਰੋਪੜ ਤੋਂ 'ਆਪ' ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਕਾਂਗਰਸ 'ਚ ਸ਼ਾਮਲ ਹੋਣ ਨੂੰ ਲੈ ਕੇ ਤਿੱਖੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ 2 ਸਾਲਾਂ ਦੇ ਨਿਕੰਮੇ ਸ਼ਾਸਨ ਕਾਰਨ ਲੋਕਾਂ ਦੇ ਭਾਰੀ ਰੋਹ ਦਾ ਸਾਹਮਣਾ ਕਰ ਰਹੀ ਕਾਂਗਰਸ ਬੌਖ਼ਲਾ ਚੁੱਕੀ ਹੈ। ਸੁਖਬੀਰ ਸਿੰਘ ਬਾਦਲ ਦੀ ਮਿਲੀਭੁਗਤ ਨਾਲ ਮਰੀਆਂ ਜ਼ਮੀਰਾਂ ਵਾਲੇ ਆਗੂਆਂ ਦੀ ਖ਼ਰੀਦੋ-ਫ਼ਰੋਖਤ ਕਰ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸਾਰਾ ਜ਼ੋਰ ਇਸ ਗੱਲ 'ਤੇ ਲੱਗਿਆ ਹੋਇਆ ਕਿ ਆਮ ਆਦਮੀ ਪਾਰਟੀ ਤੋਂ ਵਿਰੋਧੀ ਧਿਰ ਦੀ ਕੁਰਸੀ ਖੋਹ ਕੇ ਸੁਖਬੀਰ ਸਿੰਘ ਬਾਦਲ ਨੂੰ ਕਿਵੇਂ ਦਿੱਤੀ ਜਾਵੇ। ਮਾਨ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਨੇ ਇੱਕਜੁੱਟ ਹੋ ਕੇ ਚੋਣ ਲੜੀ ਤਾਂ ਕਿ ਕਿਸੇ ਵੀ ਕੀਮਤ 'ਤੇ ਆਮ ਆਦਮੀ ਪਾਰਟੀ ਨੂੰ ਪੰਜਾਬ 'ਚ ਸਰਕਾਰ ਬਣਾਉਣ ਦਾ ਮੌਕਾ ਨਾ ਦਿੱਤਾ ਜਾਵੇ।