ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਭਵਨ 'ਚ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਿਨੇਟ ਦੀ ਬੈਠਕ ਹੋਈ। ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਰਲ ਮਿਲ ਕੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਇਸ ਇਤਿਹਾਸਕ ਸਮਾਗਮ ਨੂੰ ਆਯੋਜਿਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐੱਸਜੀਪੀਸੀ ਦੇ ਪ੍ਰਧਾਨ ਨੂੰ ਸਹਿਯੋਗ ਦੇਣ ਅਤੇ ਮਾਰਗ ਦਰਸ਼ਨ ਲਈ ਰਸਮੀ ਸੱਦਾ ਪੱਤਰ ਦੇਣ ਲਈ ਕਿਹਾ ਹੈ।
ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ ਪੀ ਸੋਨੀ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਅਤੇ ਵਿਕਾਸ ਪ੍ਰੋਗਰਾਮਾਂ ਦੀ ਸਮਿੱਖਿਆ ਲਈ ਗਠਿਤ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਮੰਤਰੀਆਂ ਨੇ ਇਸ ਸਮੂਹ ਨੂੰ ਐੱਸਜੀਪੀਸੀ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰੇ ਲਈ 10 ਦਿਨਾਂ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਕਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਇਨ੍ਹਾਂ ਪ੍ਰੋਗਰਾਮਾਂ ਦੇ ਨਿਸ਼ਾਨ ਦੇ ਰੂਪ ਵਿੱਚ ਮੈਡਲ ਵੀ ਲਾਂਚ ਕੀਤੇ।
ਏਸੀਐੱਸ ਇੰਡਸਟਰੀਜ਼ ਐਂਡ ਕਾਮਰਸ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਕੇਂਦਰ ਸਰਕਾਰ ਰਾਹੀਂ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀਐਸਆਈਈਸੀ) ਨੂੰ ਇਨ੍ਹਾਂ ਯਾਦਗਾਰ ਮੈਡਲਾਂ ਨੂੰ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਆਮ ਲੋਕਾਂ ਲਈ ਉਪਲਬਧ ਕਰਾਉਣ ਲਈ ਲਾਜ਼ਮੀ ਬਣਾਇਆ ਗਿਆ ਹੈ।