ਚੰਡੀਗੜ੍ਹ: ਪੰਜਾਬ ਪੁਲਿਸ ਦੀ ਐਸਆਈਟੀ ਦੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਨੂੰ ਲੈ ਕੇ ਕਾਂਗਰਸ ਪਾਰਟੀ ਸਾਹਮਣੇ ਆ ਗਈ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣ ਕਮਿਸ਼ਨ ਦੇ ਦਰ ਜਾਣਗੇ। ਕੈਪਟਨ ਅਮਰਿੰਦਰ ਸਿੰਘ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਹਾਲ ਕਰਨ ਦੀ ਮੰਗ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿਰਫ਼ ਇੱਕ ਅਕਾਲੀ ਆਗੂ ਦੀ ਸ਼ਿਕਾਇਤ ਤੇ ਲਿਆ ਗਿਆ ਚੋਣ ਕਮਿਸ਼ਨ ਦਾ ਇਹ ਫੈਸਲਾ ਸਿੱਧੇ ਤੌਰ 'ਤੇ ਜਾਂਚ 'ਚ ਅੜਿੱਕਾ ਪਾਉਣ ਵਰਗਾ ਹੈ। ਅਕਾਲੀ ਦਲ ਆਪਣੀ ਸੱਤਾ ਦੌਰਾਨ ਹੋਈ ਪਵਿੱਤਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸਦੇ ਵਿਰੋਧ ਵਿੱਚ ਧਰਨੇ ਉੱਤੇ ਬੈਠੇ ਲੋਕਾਂ 'ਤੇ ਗੋਲੀ ਵਰਸਾਉਣ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਵਿੱਚ ਨਾਕਾਮ ਰਿਹਾ ਅਤੇ ਹੁਣ ਉਹ ਖੁਦ ਨੂੰ ਬਚਾਉਣ ਲਈ ਜੋ ਹੱਥਕੰਡੇ ਅਪਣਾ ਰਹੇ ਹਨ, ਉਹ ਨਿਰਾਸ਼ਾਜਨਕ ਹੈ।
ਕੈਪਟਨ ਅਮਰਿੰਦਰ ਸਿੰਘ ਇਲਜ਼ਾਮ ਲਗਾਇਆ ਹੈ ਕਿ ਅਕਾਲੀ-ਭਾਜਪਾ ਦੇ ਦਬਾਅ ਹੇਠ ਆ ਕੇ ਚੋਣ ਕਮਿਸ਼ਨ ਨੇ ਇਹ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਕੇਂਦਰ ਸਰਕਾਰ ਦੇ ਦਬਾਅ ਹੇਠ ਇੱਕ ਪਾਸੇ ਦਾ ਫੈਸਲਾ ਲੈ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਆਗੂਆਂ ਅਤੇ ਬਾਦਲ ਪਿਓ-ਪੁੱਤ ਖਿਲਾਫ਼ ਸਖ਼ਤ ਕਾਰਵਾਈ ਕਰਨ ਵਾਲੇ ਸਨ।
ਕੀ ਹੈ ਪੂਰਾ ਮਾਮਲਾ?
ਦਰਅਸਲ ਐਸਆਈਟੀ ਦੇ ਕੰਮ ਨੂੰ ਲੈ ਕੇ ਆਈਜੀ ਨੇ 18 ਅਤੇ 19 ਮਾਰਚ ਨੂੰ ਟੀਵੀ ਚੈਨਲਾਂ ਨੂੰ ਇੰਟਰਵਿਯੂ ਦਿੱਤਾ ਸੀ। ਇਸਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ। ਅਕਾਲੀ ਦਲ ਨੇ ਇਲਜ਼ਾਮ ਲਗਾਇਆ ਸੀ ਕਿ ਆਈਜੀ ਨਿਰਪੱਖ ਜਾਂਚ ਕਰਨ ਦੀ ਬਜਾਏ ਸੱਤਾਧਾਰੀ ਸਰਕਾਰ ਦੇ ਇਸ਼ਾਰੇ ਉੱਤੇ ਕੰਮ ਕਰ ਰਹੇ ਹਨ। ਇਸ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਚੋਣ ਕਮਿਸ਼ਨ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐਸਆਈਟੀ ਤੋਂ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਆਦੇਸ਼ ਦਿੱਤੇ ਅਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਚੋਣਾਂ ਸਬੰਧੀ ਡਿਊਟੀ ਤੋਂ ਵੀ ਦੂਰ ਰੱਖਣ ਲਈ ਕਿਹਾ ਗਿਆ।