ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਰਗਾੜੀ ਮੁੱਦੇ 'ਤੇ ਮਗਰਮੱਛ ਦੇ ਹੰਝੂ ਵਹਾਉਣ ਦੀ ਖਿੱਲੀ ਉਡਾਉਂਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਰਗਾੜੀ ਘਟਨਾ ਨਾਲ ਜੁੜੇ ਮਾਮਲਿਆਂ ਦੀ ਤਹਿ ਤੱਕ ਜਾਣ ਲਈ ਪੂਰੀ ਪੈਰਵੀ ਕਰੇਗੀ।
ਬਰਗਾੜੀ ਮਾਮਲਿਆਂ ਵਿੱਚ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਅਕਾਲੀ ਦਲ ਵੱਲੋਂ ਚੁਣੋਤੀ ਦੇਣ ਦੇ ਫ਼ੈਸਲੇ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਇਸ ਮੁੱਦੇ 'ਤੇ ਫ਼ਿਕਰਮੰਦ ਹੋਣ ਦਾ ਖੇਖਣ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਕੈਪਟਨ ਨੇ ਕਿਹਾ ਤਤਕਾਲੀ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਬਰਗਾੜੀ ਕਾਂਡ ਦੀ ਜਾਂਚ ਖ਼ੁਦ ਕਰਵਾਉਣ ਦੀ ਬਜਾਏ ਸੀਬੀਆਈ ਕੋਲ ਭੇਜ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੀਬੀਆਈ ਦੀ ਕਲੋਜ਼ਰ ਰਿਪੋਰਟ ਨਾਲ ਸੁਖਬੀਰ ਦੀ ਬੁਖਲਾਹਟ ਦੱਸਦੀ ਹੈ ਕਿ ਉਸ ਦਾ ਕਿਤੇ ਨਾ ਕਿਤੇ ਇਸ ਕਾਂਡ ਨਾਲ ਸਬੰਧ ਹੈ।