ਚੰਡੀਗੜ੍ਹ :ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਰਾਜ ਦੇ ਪਿੰਡਾਂ ਵਿੱਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇੱਥੇ ਪੰਜਾਬ ਭਵਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਉਂਦੇ ਹੋਏ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸੂਬੇ ਦੇ ਪਿੰਡਾਂ ਵਿੱਚ ਵੱਖ-ਵੱਖ ਪਹਿਲਕਦਮੀਆਂ ਕਰਕੇ ਠੋਸ ਅਤੇ ਤਰਲ ਪ੍ਰਦੂਸ਼ਕਾਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 2950 ਪਿੰਡਾਂ ਵਿੱਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਹੁਣ ਤੱਕ 13496.33 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ 4374 ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ 3116.89 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਕੂੜਾ ਪ੍ਰਬੰਧਨ ਇਹ ਮਹੱਤਵਪੂਰਨ :ਵਾਤਾਵਰਨ ਦੀ ਸੁਰੱਖਿਆ ਲਈ ਕੂੜਾ ਪ੍ਰਬੰਧਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਜਿੰਪਾ ਨੇ ਕਿਹਾ ਕਿ ਅੱਜਕੱਲ੍ਹ ਪੈਦਾ ਹੋਣ ਵਾਲੇ ਰਹਿੰਦ-ਖੂੰਹਦ ਵਿਚ ਗੈਰ-ਬਾਇਓਡੀਗਰੇਡੇਬਲ ਅਤੇ ਅਜੈਵਿਕ ਤੱਤ ਸ਼ਾਮਿਲ ਹਨ ਅਤੇ ਜੇਕਰ ਇਸ ਕੂੜੇ ਨੂੰ ਜਮੀਨ ਵਿੱਚ ਦੱਬਿਆ ਜਾਂਦਾ ਹੈ ਤਾਂ ਇਸ ਦੇ ਨਸ਼ਟ ਹੋਣ ਵਿੱਚ ਕਾਫ਼ੀ ਸਮਾਂ ਲੱਗੇਗਾ| ਉਨ੍ਹਾਂ ਕਿਹਾ ਕੂੜਾ ਪ੍ਰਬੰਧਨ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਕੂੜੇ ਵਿੱਚ ਮੌਜੂਦ ਇਨ੍ਹਾਂ ਤੱਤਾਂ ਦੇ ਜ਼ਹਿਰੀਲੇ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਂਦਾ ਹੈ ਅਤੇ ਅਜਿਹਾ ਨਾ ਕਰਨ ਤੇ ਪਾਣੀ, ਮਿੱਟੀ ਅਤੇ ਹਵਾ ਦੂਸ਼ਿਤ ਹੋ ਜਾਂਦੇ ਹਨ।