ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਮਸ਼ੀਨਰੀ ਸੂਬੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁੜ ਲੀਹ ‘ਤੇ ਲਿਆਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26280 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 18 ਜੁਲਾਈ ਨੂੰ ਸਵੇਰੇ 8 ਵਜੇ ਤੱਕ 1432 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3828 ਲੋਕ ਠਹਿਰੇ ਹੋਏ ਹਨ।
ਇੱਥੇ ਹੋਇਆ ਨੁਕਸਾਨ :ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਅਜੇ ਵੀ ਲਾਪਤਾ ਹਨ।