ਚੰਡੀਗੜ: ਵਾਤਾਵਰਣ ਕਾਰਜ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ 13ਵੀਂ ਸਟੇਟ ਅਪੈਕਸ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਜਲ ਸਰੋਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਹਿੰਦ ਨਹਿਰ `ਚੋਂ ਬੁੱਢੇ ਨਾਲੇ ਵਿੱਚ 200 ਕਿਊਸਿਕ ਤਾਜ਼ਾ ਪਾਣੀ ਛੱਡਣ ਦਾ ਪ੍ਰਾਜੈਕਟ ਮਈ 2021 ਤੱਕ ਮੁਕੰਮਲ ਕਰਨ ਤੋਂ ਇਲਾਵਾ ਸਤਲੁਜ ਦਰਿਆ ਵਿੱਚ ਸੁੱਟੇ ਜਾਂਦੇ ਪ੍ਰਦੂਸ਼ਿਤ ਪਾਣੀ (ਖਾਸ ਤੌਰ `ਤੇ ਲੁਧਿਆਣਾ) ਨੂੰ ਤੁਰੰਤ ਰੋਕਿਆ ਜਾਵੇ।
ਬੁੱਢੇ ਨਾਲੇ ਦੀ ਸਫ਼ਾਈ ਲਈ ਅਗਲੇ ਮਹੀਨੇ ਛੱਡਿਆ ਜਾਵੇਗਾ 200 ਕਿਊਸਿਕ ਨਹਿਰੀ ਪਾਣੀ
ਸੂਬੇ ਨੂੰ ਸਵੱਛ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਕਈ ਹਦਾਇਤਾਂ ਜਾਰੀ ਕੀਤੀਆਂ। ਜਿਨ੍ਹਾਂ ਵਿੱਚ ਅਗਲੇ ਮਹੀਨੇ ਸਰਹਿੰਦ ਨਹਿਰ ਚੋਂ ਬੁੱਢੇ ਨਾਲੇ ਵਿੱਚ 200 ਕਿਊਸਿਕ ਪਾਣੀ ਛੱਡਣਾ ਅਤੇ ਵਾਤਾਵਣ ਨੂੰ ਬਚਾਉਣ ਵਾਸਤੇ ਇੱਕ ਵਾਰ ਵਰਤੋਂ `ਚ ਆਉਣ ਵਾਲੀ ਪਲਾਸਟਿਕ (ਸਿੰਗਲ-ਯੂਜ਼ ਪਲਾਸਟਿਕ) ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਟਾਸਕ ਫੋਰਸ ਦਾ ਗਠਨ ਕਰਨਾ ਸ਼ਾਮਿਲ ਹੈ।
ਇਹ ਵੀ ਪੜੋ: ਦੂਜੇ ਸੂਬਿਆਂ 'ਚ ਮਜ਼ਦੂਰੀ ਕਰ ਗੁਜ਼ਾਰਾ ਕਰਨ ਵਾਲਾ ਅੱਜ ਬਣਿਆਵਪਾਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਸਵੱਛ, ਹਰਿਆ-ਭਰਿਆ, ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਵੱਡੀਆਂ ਵਾਤਾਵਰਣਕ ਚੁਣੌਤੀਆਂ ਦਾ ਹੱਲ ਕਰਨ ਲਈ ਸਾਰੇ ਲੋੜੀਂਦੇ ਉਪਰਾਲੇ ਕਰਨ ਲਈ ਕਿਹਾ ਤਾਂ ਜੋ ਪਾਣੀ ਅਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਵਿਗਿਆਨਿਕ ਢੰਗ ਨਾਲ ਠੋਸ ਅਤੇ ਪਲਾਸਟਿਕ ਕੂੜੇ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਮੌਜੂਦਾ ਮਹਾਂਮਾਰੀ ਦੇ ਹਾਲਾਤਾਂ ਵਿੱਚ ਇਹ ਹੋਰ ਵੀ ਮਹੱਤਵਪੂਰਨ ਹੈ ਕਿ ਸਾਰੇ ਵਿਭਾਗਾਂ ਵੱਲੋਂ ਰਾਜ ਦੇ ਵਾਤਾਵਰਣ ਨਾਲ ਜੁੜੇ ਮਸਲਿਆਂ ਦਾ ਵਧੇਰੇ ਗੰਭੀਰਤਾ ਨਾਲ ਪ੍ਰਬੰਧਨ ਕੀਤਾ ਜਾਵੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਰੋਤ ਸ੍ਰੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀਮਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਅਜੋਏ ਕੁਮਾਰ ਸਿਨਹਾ ਅਤੇ ਸਬੰਧਤ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।