ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ, 2023, ਤਬਾਦਲਾ ਮਲਕੀਅਤ (ਪੰਜਾਬ ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ। ਭਗਵੰਤ ਮਾਨ ਨੇ ਦੱਸਿਆ ਕਿ ਇਹ ਬਿੱਲ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸਨ।
ਬਿੱਲਾਂ ਨਾਲ ਲੋਕਾਂ ਨੂੰ ਮਿਲੇਗਾ ਲਾਭ:ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਬਿੱਲ ਲੋਕਾਂ ਨੂੰ ਫੌਰੀ ਅਤੇ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮਦਦਗਾਰ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦਾ ਉਦੇਸ਼ ਪੰਜਾਬ ਵਿੱਚ ਲੋੜੀਂਦੇ ਸੁਧਾਰਾਂ ਰਾਹੀਂ ਸਿਸਟਮ ਨੂੰ ਹੋਰ ਬਿਹਤਰ ਬਣਾਉਣਾ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਬਿੱਲਾਂ ਨੂੰ ਮਨਜ਼ੂਰੀ ਮਿਲਣ ਨਾਲ ਲੋਕਾਂ ਨੂੰ ਕਾਫੀ ਲਾਭ ਮਿਲੇਗਾ। ਹੁਣ ਉਹ ਬੜੇ ਸੁਖਾਲੇ ਤੇ ਸੁਚੱਜੇ ਢੰਗ ਨਾਲ ਨਾਗਰਿਕ ਸੇਵਾਵਾਂ ਹਾਸਲ ਕਰ ਸਕਣਗੇ। ਮੁੱਖ ਮੰਤਰੀ ਨੇ ਇਹ ਵੀ ਆਸ ਪ੍ਰਗਟਾਈ ਕਿ ਰਾਜਪਾਲ ਬਾਕੀ ਰਹਿੰਦੇ ਬਕਾਇਆ ਬਿੱਲਾਂ ਨੂੰ ਵੀ ਜਲਦ ਮਨਜ਼ੂਰੀ ਦੇ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ, ਜਿਸ ਨੂੰ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਦੀ ਰਾਇਸ਼ੁਮਾਰੀ ਨਾਲ ਚੁਣਿਆ ਜਾਂਦਾ ਹੈ, ਨੇ ਵਿਸ਼ਾਲ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਬਿੱਲ ਪਾਸ ਕੀਤੇ ਹਨ ਅਤੇ ਰਾਜਪਾਲ ਦੀ ਪ੍ਰਵਾਨਗੀ ਨਾਲ ਇਹ ਯਕੀਨੀ ਬਣੇਗਾ ਕਿ ਇਨ੍ਹਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਜਦੋਂ ਜਾਗੋ, ਉਦੋਂ ਸਵੇਰਾ’ ਅਤੇ ਰਾਜਪਾਲ ਦਾ ਫੈਸਲਾ ਸਵਾਗਤਯੋਗ ਕਦਮ ਹੈ।
ਮਲਕੀਅਤ ਦਾ ਤਬਾਦਲਾ (ਪੰਜਾਬ ਸੋਧ) ਬਿੱਲ 2023:ਦਾ ਉਦੇਸ਼ ਸਮੁੱਚੇ ਪੰਜਾਬ ਰਾਜ ਨੂੰ ਇਕੁਈਟੇਬਲ ਮੌਰਗੇਜ (ਗਿਰਵੀਨਾਮਾ) ਦੀ ਸਹੂਲਤ ਪ੍ਰਦਾਨ ਕਰਨਾ ਹੈ ਕਿਉਂਕਿ ਇਸ ਬਿੱਲ ਨਾਲ ਸਮੁੱਚੇ ਸੂਬੇ ਨੂੰ ਬਰਾਬਰੀ ਦੀ ਕਾਨੂੰਨੀ ਸਹੂਲਤ ਮਿਲੇਗੀ ਅਤੇ ਪੰਜਾਬ ਦੇ ਖ਼ਜ਼ਾਨੇ ਨੂੰ ਵੀ ਬਕਾਇਆ ਸਟੈਂਪ ਡਿਊਟੀ ਪ੍ਰਾਪਤ ਹੋਵੇਗੀ। ਇਸ ਦੇ ਨਾਲ ਹੀ, ਅਜਿਹੇ ਕਰਜ਼ਿਆਂ ’ਤੇ ਸਟੈਂਪ ਡਿਊਟੀ ਨੂੰ ਸੂਬੇ ਭਰ ਵਿੱਚ ਘਟਾ ਕੇ 0.25 ਫੀਸਦ ਕੀਤਾ ਜਾ ਰਿਹਾ ਹੈ, ਜੋ ਕਿ ਇਕ ਲੱਖ ਦੇ ਕਰਜ਼ੇ ’ਤੇ ਸਿਰਫ 250 ਰੁਪਏ ਅਤੇ ਇੱਕ ਕਰੋੜ ਰੁਪਏ ਦੇ ਕਰਜ਼ੇ ’ਤੇ ਸਿਰਫ 25,000 ਰੁਪਏ ਬਣਦਾ ਹੈ। ਇਸ ਤਰ੍ਹਾਂ ਪੰਜਾਬ ਰਾਜ ਦੇ ਆਮ ਲੋਕ ਬਹੁਤ ਘੱਟ ਪੈਸਿਆਂ ਵਿੱਚ ਕਾਨੂੰਨੀ ਤੌਰ ’ਤੇ ਬਰਾਬਰੀ ਵਾਲੇ ਗਿਰਵੀਨਾਮੇ ਦਾ ਲਾਭ ਉਠਾ ਸਕਣਗੇ।