ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਦੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ।
ਭਾਈ ਲੌਂਗੋਵਾਲ ਨੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਪੰਥ ਦੀ ਸਾਂਝੀ ਸਟੇਜ ਦਾ ਹਿੱਸਾ ਬਣਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਬਾਰਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੀ ਗੁਰੂ ਨਾਨਕ ਸਟੇਡੀਅਮ ਵਿਖੇ ਲਗਾਈ ਜਾ ਰਹੀ ਸਟੇਜ ਕਿਸੇ ਇੱਕ ਧਿਰ ਦੀ ਨਹੀਂ ਬਲਕਿ ਸਮੁੱਚੇ ਪੰਥ ਦੀ ਹੈ। ਇੱਥੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੁਨੀਆ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ਼ਿਰਕਤ ਕਰਨਗੀਆਂ। ਗੁਰੂ ਨਾਨਕ ਸਟੇਡੀਅਮ ਵਿਖੇ ਕੀਤਾ ਜਾਣ ਵਾਲਾ ਮੁੱਖ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਹੋਵੇਗਾ ਅਤੇ ਉਹ ਇਸੇ ਸਮਾਗਮ ਵਿਚ ਜਾਣਗੇ।