ਪੰਜਾਬ

punjab

ETV Bharat / state

ਕੋਵਿਡ ਦੀ ਚੁਣੌਤੀ ਦੇ ਬਾਵਜੂਦ ਅਧਿਆਪਕਾਂ ਨੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ: ਸਿੰਗਲਾ

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਬਾਕੀ ਅਮਲੇ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੀ ਉਸਾਰੀ 'ਚ ਅਧਿਆਪਕਾਂ ਦੀ ਭੂਮਿਕਾ ਅਹਿਮ ਹੁੰਦੀ ਹੈ, ਜਿਸ ਲਈ ਉਹ ਅੱਜ ਅਧਿਆਪਕ ਦਿਵਸ ਮੌਕੇ ਨਿਜੀ ਤੌਰ 'ਤੇ ਸਾਰੇ ਅਧਿਆਪਕਾਂ ਨੂੰ ਨਮਨ ਕਰਦੇ ਹਨ।

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

By

Published : Sep 5, 2020, 10:10 PM IST

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਮੌਕੇ ਰਾਜ ਦੇ 74 ਅਧਿਆਪਕਾਂ ਨੂੰ ਮਾਣ ਮੱਤੀਆਂ ਸੇਵਾਵਾਂ ਬਦਲੇ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨਤ ਕੀਤਾ। ਵਿਜੈ ਇੰਦਰ ਸਿੰਗਲਾ ਨੇ ਪਟਿਆਲਾ ਵਿਖੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਆਡੀਟੋਰੀਅਮ ਵਿਖੇ ਹੋਏ ਸਮਾਗਮ ਦੌਰਾਨ ਵੈਬੀਨਾਰ ਰਾਹੀਂ ਰਾਜ ਭਰ ਦੇ ਪੁਰਸਕਾਰਾਂ ਲਈ ਚੁਣੇ ਗਏ ਮਾਣਮੱਤੇ 54 ਅਧਿਆਪਕਾਂ ਨੂੰ ਸਟੇਟ ਐਵਾਰਡ, 10 ਅਧਿਆਪਕਾਂ ਨੂੰ ਯੁਵਾ ਪੁਰਸਕਾਰ ਤੇ 10 ਸਕੂਲ ਮੁਖੀਆਂ/ਅਧਿਕਾਰੀਆਂ ਨੂੰ ਕੁਸ਼ਲ ਪ੍ਰਬੰਧਕ ਪੁਰਸਕਾਰ ਪ੍ਰਦਾਨ ਕੀਤੇ।

ਕੈਬਿਨੇਟ ਮੰਤਰੀ ਨੇ ਪਟਿਆਲਾ ਦੇ ਚਾਰ ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਨਿਜੀ ਤੌਰ 'ਤੇ ਸਨਮਾਨਤ ਕੀਤਾ ਜਦੋਂਕਿ ਬਾਕੀ ਦੇ 70 ਅਧਿਆਪਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਦੇ ਬਾਕੀ ਜ਼ਿਲ੍ਹਾ ਮੁੱਖ ਦਫ਼ਤਰਾਂ ਵਿਖੇ ਸਨਮਾਨਤ ਕੀਤਾ ਗਿਆ। ਇਹ ਸਮਾਗਮ ਕੋਵਿਡ-19 ਦੇ ਮੱਦੇਨਜ਼ਰ ਸਮਾਜਿਕ ਦੂਰੀ ਨਿਯਮ ਦੀ ਪਾਲਣਾ ਕਰਦਿਆਂ ਸਾਦੇ ਰੂਪ 'ਚ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਦਫ਼ਤਰ ਵਿਖੇ ਕਰਵਾਇਆ ਗਿਆ।

ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਦੇਸ਼ ਦੇ ਮਰਹੂਮ ਰਾਸ਼ਟਰਪਤੀ, ਵਿਦਵਾਨ, ਦਾਰਸ਼ਨਿਕ ਅਤੇ ਭਾਰਤ ਰਤਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜਿਨ੍ਹਾਂ ਦਾ ਜਨਮ ਅੱਜ ਦੇ ਦਿਨ 1888 ਨੂੰ ਹੋਇਆ ਸੀ, ਨੂੰ ਆਪਣੀ ਸ਼ਰਧਾ ਤੇ ਸਤਿਕਾਰ ਵੀ ਭੇਟ ਕੀਤਾ। ਸਿੰਗਲਾ ਨੇ ਆਪਣੇ ਸੰਬੋਧਨ 'ਚ ਰਾਜ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਹ ਕਿਸਮਤ ਵਾਲੇ ਹਨ ਕਿ ਉਹ ਕੌਮ ਦੀ ਨਿਰਮਾਤਾ ਅਧਿਆਪਕ ਜਮਾਤ ਦਾ ਹਿੱਸਾ ਬਣੇ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਨੇ ਜੋ ਤਰੱਕੀ ਕੀਤੀ ਹੈ ਉਸ ਲਈ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੈ।

ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਕੂਲਾਂ 'ਚ ਸੋਲਰ ਸਿਸਟਮ ਲਗਾਉਣ ਲਈ 70 ਕਰੋੜ ਰੁਪਏ ਦਾ ਪ੍ਰੋਜੈਕਟ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਾਸ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਰਾਜ ਦੇ 45 ਫੀਸਦੀ ਸਕੂਲ ਸਮਾਰਟ ਬਣ ਚੁੱਕੇ ਹਨ ਅਤੇ ਇੱਕ ਸਾਲ ਦੇ ਵਿੱਚ-ਵਿੱਚ ਰਾਜ ਦੇ ਸਾਰੇ ਸਕੂਲ ਸਮਾਰਟ ਸਕੂਲਾਂ 'ਚ ਤਬਦੀਲ ਹੋ ਜਾਣਗੇ। ਇਸ ਤੋਂ ਇਲਾਵਾ ਰਾਜ ਸਰਕਾਰ ਵੱਲੋਂ ਰਾਜ ਦੀ ਸਿੱਖਿਆ ਪ੍ਰਣਾਲੀ 'ਚ ਸੁਧਾਰ ਲਿਆਉਣ ਲਈ ਨਿਰੰਤਰ ਕਦਮ ਚੁੱਕੇ ਜਾ ਰਹੇ ਹਨ।

ਵਿਜੈ ਇੰਦਰ ਸਿੰਗਲਾ ਨੇ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਬਾਕੀ ਅਮਲੇ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੀ ਉਸਾਰੀ 'ਚ ਅਧਿਆਪਕਾਂ ਦੀ ਭੂਮਿਕਾ ਅਹਿਮ ਹੁੰਦੀ ਹੈ, ਜਿਸ ਲਈ ਉਹ ਅੱਜ ਅਧਿਆਪਕ ਦਿਵਸ ਮੌਕੇ ਨਿਜੀ ਤੌਰ 'ਤੇ ਸਾਰੇ ਅਧਿਆਪਕਾਂ ਨੂੰ ਨਮਨ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਜ ਅੰਦਰ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕ ਅਣਥੱਕ ਸੇਵਾਵਾਂ ਨਿਭਾ ਰਹੇ ਹਨ।

ਸਿੰਗਲਾ ਨੇ ਕਿਹਾ ਕਿ ਅਧਿਆਪਕਾਂ ਦੀ ਸਮਰਪਿਤ ਭਾਵਨਾ ਕਰਕੇ ਰਾਜ ਅੰਦਰ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖਲਿਆਂ 'ਚ 15 ਫ਼ੀਸਦੀ ਇਜ਼ਾਫ਼ਾ ਹੋਇਆ ਹੈ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਰਾਜ ਦੇ ਸਕੂਲ ਕਿੰਨੀ ਤਰੱਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ 'ਚ ਕਿਸੇ ਵੀ ਰਾਜ ਦੇ ਸਰਕਾਰੀ ਸਕੂਲਾਂ 'ਚ ਇੰਨ੍ਹੀ ਵੱਡੀ ਗਿਣਤੀ 'ਚ ਕਦੇ ਵੀ ਦਾਖਲਾ ਨਹੀਂ ਵਧਿਆ। ਇਸ ਤੋ ਬਿਨ੍ਹਾਂ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ ਨਤੀਜਿਆਂ ਨੇ ਨਿਜੀ ਸਕੂਲਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ, ਇਸ ਸਭ ਅਧਿਆਪਕਾਂ ਦੀ ਮਿਹਨਤ ਦਾ ਹੀ ਨਤੀਜਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਇਸ ਵਾਰ ਅਧਿਆਪਕਾਂ ਨੂੰ ਦਿੱਤੇ ਜਾਂਦੇ ਸਟੇਟ ਐਵਾਰਡਾਂ 'ਚ ਵਾਧਾ ਕਰਦਿਆਂ ਯੁਵਾ ਅਧਿਆਪਕਾਂ, ਸਕੂਲ ਮੁਖੀਆਂ ਤੇ ਅਧਿਕਾਰੀਆਂ ਲਈ ਪੁਰਸਕਾਰ ਆਰੰਭ ਕੀਤੇ ਹਨ ਤਾਂ ਕਿ ਨੌਜਵਾਨ ਅਧਿਆਪਕਾਂ ਦੇ ਉਤਸ਼ਾਹ ਦਾ ਵੀ ਲਾਭ ਲਿਆ ਜਾਵੇ। ਉਨ੍ਹਾਂ ਕਿਹਾ ਕਿ ਤਜਰਬੇ ਦੀ ਬਜਾਇ ਕਾਬਲੀਅਤ ਨੂੰ ਮੁੱਖ ਰੱਖਕੇ ਨਿਯੁਕਤੀਆਂ ਕੀਤੀਆਂ ਗਈਆਂ ਹਨ।

ABOUT THE AUTHOR

...view details