ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਭਾਜਪਾ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਹੈ। ਪੰਜਾਬ ਭਾਜਪਾ ਨੇ ਇਲਜ਼ਾਮ ਹੈ ਕਿ ਪੰਜਾਬ ਦੇ ਕਰੀਬ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ, ਪਰ ਸਰਕਾਰ ਨੇ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਨਹੀਂ ਚੁੱਕੇ ਹਨ। ਭਾਜਪਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਰਾਹਤ ਲਈ ਜਾਰੀ ਕੀਤੇ 218 ਕਰੋੜ ਰੁਪਏ ਦੀ ਵਰਤੋਂ ਨਹੀਂ ਕੀਤੀ ਗਈ ਹੈ।
ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ:ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਹੜ੍ਹਾਂ ਨਾਲ ਨੁਕਸਾਨ ਹੁੰਦਾ ਹੈ, ਪਰ ਪੰਜਾਬ ਵਿੱਚ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਜ਼ਿਆਦਾ ਨੁਕਸਾਨ ਹੋਇਆ ਹੈ। ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਫੈਲ ਰਹੀਆਂ ਹਨ, ਉੱਥੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿੱਤੀ ਸਹਾਇਤਾ ਭੇਜੀ ਗਈ ਹੈ, ਪਰ ਹਾਲੇ ਵੀ ਕਈ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੈ, ਜਿਸ ਕਾਰਨ ਫ਼ਸਲਾਂ ਬੀਜੀਆਂ ਨਹੀਂ ਜਾ ਸਕਦੀਆਂ।
ਲੋਕਾਂ ਦੀ ਜਲਦ ਤੋਂ ਜਲਦ ਕੀਤੀ ਜਾਵੇ ਮਦਦ:ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਪਾਲ ਨੂੰ ਦਿੱਤੀ ਗਈ ਰਿਪੋਰਟ ਗਲਤ ਹੈ। ਸਰਕਾਰ ਨੇ ਕਿਹਾ ਕਿ ਉਹ ਪਨੀਰ ਦੇ ਰਹੀ ਹੈ ਜੋ ਕਿ ਗਲਤ ਹੈ, ਸਗੋਂ ਲੋਕ ਆਪਣੇ ਤੌਰ 'ਤੇ ਪ੍ਰਬੰਧ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਜਿਹੜੇ ਲੋਕਾਂ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਹਨਾਂ ਦੀ ਜਲਦੀ ਤੋਂ ਜਲਦੀ ਮਦਦ ਦਿੱਤੀ ਜਾਵੇ। ਉਹਨਾਂ ਨੇ ਕਿਹਾ ਕਿ ਜਿੱਥੇ ਸੰਭਵ ਹੋ ਸਕੇ ਉਥੇ ਜਲਦ ਤੋਂ ਜਲਦ ਲੋਕਾਂ ਤਕ ਹਰ ਇੱਕ ਸਹੂਲਤ ਪਹੁਚਾਈ ਜਾਵੇ ਤਾਂ ਜੋ ਲੋਕ ਮੁੜ ਵਿਸੇਬਾ ਕਰ ਸਕਣ।
ਹੜ੍ਹਾਂ ਕਾਰਨ ਪੰਜਾਬ ਦੇ 19 ਜ਼ਿਲ੍ਹੇ ਪ੍ਰਭਾਵਿਤ: ਦੱਸ ਦਈਏ ਕਿ ਪੰਜਾਬ ਦੇ 19 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ.ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ। ਇਨ੍ਹਾਂ ਜ਼ਿਲ੍ਹਿਆਂ ਦੇ 1472 ਪਿੰਡ ਅਤੇ ਕਿਸਾਨਾਂ ਦੀਆਂ ਫਸਲਾਂ ਹੜ੍ਹ ਦੇ ਪਾਣੀ ਵਿੱਚ ਡੁੱਬੀਆਂ ਹੋਈਆਂ ਹਨ। ਹੜ੍ਹ ਕਾਰਨ 377 ਘਰ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ, ਜਦਕਿ 770 ਘਰ ਤਰੇੜਾ ਮਾਰ ਗਏ ਹਨ।
ਜਾਖੜ ਨੇ ਰੋਪੜ ਦੇ ਵਿਧਾਇਕ ਦੇ ਮੁਆਫੀਨਾਮੇ 'ਤੇ ਬੋਲਦੇ ਹੋਏ ਕਿਹਾ ਕਿ ਜਦੋਂ ਇਹ ਖ਼ਬਰ ਸਾਹਮਣੇ ਆਈ ਕਿ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਣ ਜਾ ਰਿਹਾ ਹੈ ਤਾਂ ਵਿਧਾਇਕ ਨੇ ਵੀਡੀਓ ਜਾਰੀ ਕਰ ਮੁਆਫੀ ਮੰਗ ਲਈ ਤਾਂ ਜੋ ਕੋਈ ਕਾਰਵਾਈ ਨਾ ਹੋ ਸਕੇ। ਉਹਨਾਂ ਨੇ ਕਿਹਾ ਕਿ, ਪਰ ਹੁਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅਧਿਕਾਰੀਆਂ ਨੇ ਇਸ ਮੁਆਫ਼ੀ ਨੂੰ ਸਵੀਕਾਰ ਕੀਤਾ ਹੈ ਜਾਂ ਨਹੀਂ।