ਪੰਜਾਬ

punjab

ETV Bharat / state

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਐਕਸ਼ਨ, ਜਨਤਕ ਬੱਸ ਸੇਵਾ ਦੌਰਾਨ ਕਾਨੂੰਨ ਤੋੜ ਵਾਲਿਆਂ ਉੱਤੇ ਕੀਤੀ ਕਾਰਵਾਈ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਐਕਸ਼ਨ ਵਿੱਚ ਵਿਖਾਈ ਦੇ ਰਹੇ ਨੇ। ਉਨ੍ਹਾਂ ਕਿਹਾ ਕਿ ਬੱਸ ਸੇਵਾ ਦੌਰਾਨ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲਾਲਜੀਤ ਸਿੰਘ ਭੁੱਲਰ ਮੁਤਾਬਿਕ ਮੁਲਜ਼ਮਾਂ ਖ਼ਿਲਾਫ਼ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

Action of Transport Minister Laljit Singh Bhullar
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਐਕਸ਼ਨ, ਜਨਤਕ ਬੱਸ ਸੇਵਾ ਦੌਰਾਨ ਕਾਨੂੰਨ ਤੋੜ ਵਾਸਿਆਂ ਉੱਤੇ ਕੀਤੀ ਕਾਰਵਾਈ

By

Published : Jul 7, 2023, 6:58 PM IST

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਸੂਬੇ ਦੀ ਜਨਤਕ ਬੱਸ ਸੇਵਾ ਵਿੱਚ ਗ਼ਲਤ ਪ੍ਰਵਿਰਤੀਆਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿੱਚ 35 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਕਾਬੂ ਕੀਤਾ ਗਿਆ ਹੈ।


ਮਨਿਸਟਰਜ਼ ਫ਼ਲਾਇੰਗ ਸਕੁਐਡ:ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਬੀਤੇ ਦਿਨੀਂ ਹਰਿਆਣਾ ਵਿਖੇ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸਿਰਸਾ ਬੱਸ ਸਟੈਂਡ ਵਿਖੇ ਬੀਤੀ ਰਾਤ 10:30 ਵਜੇ ਕੀਤੀ ਗਈ ਚੈਕਿੰਗ ਦੌਰਾਨ ਪਨਬੱਸ ਡਿਪੂ ਰੂਪਨਗਰ ਦੀ ਬੱਸ ਨੰਬਰ ਪੀ.ਬੀ-12-ਵਾਈ 1540 ਦੇ ਡਰਾਈਵਰ ਰਾਜਪਾਲ ਸਿੰਘ ਨੂੰ ਕਰੀਬ 20 ਲੀਟਰ ਡੀਜ਼ਲ ਚੋਰੀ ਕਰਦਿਆਂ ਰੰਗੇ-ਹੱਥੀਂ ਕਾਬੂ ਕੀਤਾ ਗਿਆ । ਇਸੇ ਤਰ੍ਹਾਂ ਹਿਸਾਰ (ਹਰਿਆਣਾ) ਦੇ ਬੱਸ ਸਟੈਂਡ ਵਿਖੇ ਰਾਤ ਵੇਲੇ ਚੈਕਿੰਗ ਦੌਰਾਨ ਪਨਬੱਸ ਡਿਪੂ ਸ੍ਰੀ ਮੁਕਤਸਰ ਸਾਹਿਬ ਦੀ ਬੱਸ ਨੰਬਰ ਪੀ.ਬੀ-04-ਏ.ਏ. 7459 ਦੇ ਡਰਾਈਵਰ ਲਖਵਿੰਦਰ ਸਿੰਘ ਨੂੰ ਕਰੀਬ 15 ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਰਿਪੋਰਟ ਕੀਤਾ ਗਿਆ ਹੈ।

ਅਣਅਧਿਕਾਰਤ ਰੂਟ 'ਤੇ ਚਲ ਰਹੀ ਬੱਸ:ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਅਣਅਧਿਕਾਰਤ ਰੂਟ 'ਤੇ ਚਲ ਰਹੀ ਇੱਕ ਬੱਸ ਨੂੰ ਵੀ ਰਿਪੋਰਟ ਕੀਤਾ ਹੈ। ਇਸ ਮਾਮਲੇ ਵਿੱਚ ਮੁੱਲਾਂਪੁਰ ਦਾਖਾ ਵਿਖੇ ਚੈਕਿੰਗ ਦੌਰਾਨ ਡਰਾਈਵਰ ਬਲਦੇਵ ਸਿੰਘ ਅਤੇ ਕੰਡਕਟਰ ਹਰਪਾਲ ਸਿੰਘ ਨੂੰ ਬੱਸ ਨੂੰ ਅਣਅਧਿਕਾਰਤ ਰੂਟ 'ਤੇ ਲਿਜਾਂਦਿਆਂ ਫੜਿਆ ਗਿਆ, ਜੋ ਅਸਲ ਰੂਟ 'ਤੇ ਸਵਾਰੀਆਂ ਨੂੰ ਛੱਡ ਕੇ ਵਿਭਾਗ ਨੂੰ ਵਿੱਤੀ ਨੁਕਸਾਨ ਪਹੁੰਚਾ ਰਹੇ ਸਨ। ਫ਼ਿਰੋਜ਼ਪੁਰ ਡਿਪੂ ਦੀ ਇਹ ਬੱਸ (ਨੰਬਰ ਪੀ.ਬੀ-05-ਏ.ਬੀ. 5350) ਮੁੱਲਾਂਪੁਰ ਬੱਸ ਸਟੈਂਡ ਦੀ ਬਜਾਏ ਪੁੱਲ ਤੋਂ ਲਿਜਾਈ ਜਾ ਰਹੀ ਸੀ।

ਨਾਮਜ਼ਦ ਡਰਾਈਵਰਾਂ ਤੇ ਕੰਡਕਟਰਾਂ ਵਿਰੁੱਧ ਕਾਰਵਾਈ:ਇਸੇ ਤਰ੍ਹਾਂ ਬਲਾਚੌਰ ਵਿਖੇ ਅੰਮ੍ਰਿਤਸਰ-2 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9376 ਨੂੰ ਅਣਅਧਿਕਾਰਤ ਢਾਬੇ 'ਤੇ ਖੜ੍ਹਾ ਪਾਇਆ ਗਿਆ। ਇਸ ਮਾਮਲੇ ਵਿੱਚ ਡਰਾਈਵਰ ਰਣਜੀਤ ਸਿੰਘ ਅਤੇ ਕੰਡਕਟਰ ਜਗਜੀਤ ਸਿੰਘ ਨੂੰ ਰਿਪੋਰਟ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।

ABOUT THE AUTHOR

...view details