ਚੰਡੀਗੜ੍ਹ: ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਖਰੜ ਲਾਂਡਰਾ ਰੋਡ, ਮੁਹਾਲੀ ਤੋਂ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਲਈ ਕੰਮ ਕਰਦਾ ਸੀ। ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਅਤੇ 12 ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਗੈਂਗਸਟਰ ਦੀ ਪਛਾਣ ਸਚਿਨ ਉਰਫ਼ ਬਚੀ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। (Gangster Arrested In AGTF From Mohali)
ਡੀਜੀਪੀ ਪੰਜਾਬ ਨੇ ਸਾਂਝੀ ਕੀਤੀ ਜਾਣਕਾਰੀ:ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਜਾਣਕਾਰੀ ਦਿੱਤੀ ਗਈ। ਜਿਸ 'ਚ ਉਨ੍ਹਾਂ ਦੱਸਿਆ ਕਿ AGTF ਨੂੰ ਵੱਡੀ ਸਫ਼ਲਤਾ ਮਿਲੀ, ਜਿਸ 'ਚ ਉਨ੍ਹਾਂ ਵਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਸਚਿਨ ਉਰਫ਼ ਬੱਚੀ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਨੇ ਲਿਖਿਆ ਕਿ ਮੁਲਜ਼ਮ ਗਿਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ ਅਤੇ ਲੁਕਣ ਦੀ ਥਾਂ ਮੁਹੱਈਆ ਕਰਵਾਉਣ ਵਿੱਚ ਮਦਦ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਹਥਿਆਰ ਬਰਾਮਦ ਹੋਏ ਹਨ, ਜਿਸ 'ਚ ਉਸ ਵਲੋਂ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ 'ਤੇ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣਾ ਸੀ।