ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫ਼ਦ ਭਾਰਤੀ ਚੋਣ ਕਮਿਸ਼ਨ ਨੂੰ ਭਲਕੇ ਮਿਲੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਚੋਣ ਕਮਿਸ਼ਨ ਨੂੰ ਇਸ ਗੱਲ ਤੋਂ ਜਾਣੂ ਕਰਵਾਏਗਾ ਕਿ ਕਿਸ ਤਰ੍ਹਾਂ ਕਾਂਗਰਸ ਸਰਕਾਰ ਨੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਸੀ। ਚੋਣ ਕਮਿਸ਼ਨ ਦੇ ਸਾਫ਼ ਨਿਰਦੇਸ਼ਾਂ ਦੇ ਬਾਵਜੂਦ ਆਈਜੀ ਕੁੰਵਰ ਵਿਜੇ ਪ੍ਰਤਾਪ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।
ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਂਸਦ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫ਼ਦ ਭਲਕੇ ਸ਼ਾਮੀਂ 4:30 ਵਜੇ ਨਿਰਵਾਚਨ ਸਦਨ ਵਿੱਚ ਚੋਣ ਕਮਿਸ਼ਨ ਨੂੰ ਮਿਲੇਗਾ। ਵਫ਼ਦ ਸਬੂਤ ਦੇ ਕੇ ਚੋਣ ਕਮਿਸ਼ਨ ਨੂੰ ਜਾਣੂ ਕਰਵਾਏਗਾ ਕਿ ਚੋਣ ਕਮਿਸ਼ਨ ਵੱਲੋਂ ਆਈਜੀ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਸਬੰਧੀ ਦਿੱਤੇ ਗਏ ਨਿਰਦੇਸ਼ਾਂ ਮਗਰੋਂ ਕਿਸ ਤਰ੍ਹਾਂ ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਗੁੰਮਰਾਹ ਕੀਤਾ ਹੈ।