ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਰਾਜਸਥਾਨ ਤੇ ਹਰਿਆਣਾ ਦੇ ਹੱਕ ਕਬੂਲ ਕੇ ਸਤਲੁਜ ਯਮੁਨਾ ਲਿੰਕ (ਐਸ ਵਾਈ ਐਲ) ਨਹਿਰ ’ਤੇ ਪੰਜਾਬ ਦੇ ਸਟੈਂਡ ’ਤੇ ਸਮਝੌਤਾ ਕੀਤਾ ਹੈ ਤੇ ਪਾਰਟੀ ਨੇ ਮੁੱਖ ਮੰਤਰੀ ’ਤੇ ਕੋਰੇ ਝੂਠ ਬੋਲਣ ਅਤੇ ਉਸ ਇਕ ਵਿਅਕਤੀ ਦੇ ਸ਼ੋਅ ਜਿਸਦਾ ਨਾਂ ’ਮੈਂ ਝੂਠ ਬੋਲਦਾ ਹਾਂ’ ਹੋਣਾ ਚਾਹੀਦਾ ਸੀ ’ਤੇ 30 ਕਰੋੜ ਰੁਪਏ ਬਰਬਾਦ ਕਰਨ ਦਾ ਦੋਸ਼ ਲਗਾਇਆ। ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਤੇ ਵਿਰਸਾ ਸਿੰਘ ਵਲਟੋਹਾ ਨੇ ਮੁੱਖ ਮੰਤਰੀ ’ਤੇ ਪ੍ਰਕਾਸ਼ ਸਿੰਘ ਬਾਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿਚ ਉਲਝਣ ਦਾ ਦੋਸ਼ ਲਗਾਇਆ। ਉਹਨਾਂ ਕਿਹਾ ਕਿ CM ਮਾਨ ਦੇ ਦਾਅਵੇ ਦੇ ਉਲਟ ਬਾਨੀ ਸੂਆ ਜੋ ਹਰਿਆਣਾ ਦੇ 20 ਪਿੰਡਾਂ ਵਿਚ ਸਿੰਜਾਈ ਸਹੂਲਤਾਂ ਦਿੰਦਾ ਹੈ, 1955 ਵਿਚ ਸ਼ੁਰੂ ਹੋ ਗਿਆਸੀ ਨਾ ਕਿ 1998 ਵਿਚ ਜਿਵੇਂ ਕਿ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ।
ਵਿਰੋਧੀਆਂ ਨੇ ਦਿੱਤੀ ਚੁਣੌਤੀ :ਇਹਨਾਂ ਆਗੂਆਂ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਆਪਣਾ ਦਾਅਵਾ ਸੱਚ ਸਾਬਤ ਕਰਨ ਜਾਂ ਫਿਰ ਮੁਆਫੀ ਮੰਗਣ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਦੇਵੀ ਲਾਲ ਸੁਪਰੀਮ ਕੋਰਟ ਕੋਲ ਪਹੁੰਚ ਕਰ ਕੇ ਮੰਗ ਕੀਤੀ ਸੀ ਕਿ ਨਹਿਰ ਬਣਾ ਕੇ ਪੰਜਾਬ ਦੇ ਪਾਣੀ ਹਰਿਆਣਾ ਨੂੰ ਦੁਆਏ ਜਾਣ ਜਦੋਂ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 1979 ਵਿਚ ਪੰਜਾਬ ਪੁਨਰਗਠਨ ਦੀ ਧਾਰਾ 78 ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ।
ਇਹਨਾਂ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਨੇ ਉਹਨਾਂ ਨੂੰ ਪੁੱਛੇ ਗਏ ਸਵਾਲਾਂ ਦਾ ਜਵਾਬ ਦੇਣ ਤੋਂ ਨਾਂਹ ਕਰ ਕੇ ਪੰਜਾਬੀਆਂ ਦਾ ਅਪਮਾਨ ਕੀਤਾ ਹੈ ਤੇ ਉਹਨਾਂ ਨੇ ਅੱਜ ਦੇ ਦਿਨ ਵਾਪਰੇ ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਸ਼ਰਧਾਂਜਲੀ ਨਾ ਦੇ ਕੇ ਉਹਨਾਂ ਦੇ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਇਹ ਦੱਸਣ ਵਿਚ ਵੀ ਨਾਕਾਮ ਰਹੇ ਹਨ ਕਿ ਉਹ ਸੂਬੇ ਦੇ ਦਰਿਆਈ ਪਾਣੀਆਂ ਦੀ ਰਾਖੀ ਕਿਵੇਂ ਕਰਨਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ, ਨੌਜਵਾਨਾਂ ਤੇ ਸਮਾਜ ਦੇ ਗਰੀਬ ਵਰਗਾਂ ਦੀਆਂ ਮੁਸ਼ਕਿਲਾਂ ਦੇ ਨਾਲ-ਨਾਲ ਨਸ਼ਾ ਮਾਫੀਆ ਤੇ ਕਾਨੂੰਨ ਤੇ ਵਿਵਸਥਾ ਢਹਿ ਢੇਰੀ ਹੋਣ ਬਾਰੇ ਵੀ ਕੋਈ ਜਵਾਬ ਨਹੀਂ ਦਿੱਤਾ।
ਚਰਚਾ ਕਰਨ ਤੋਂ ਇਨਕਾਰ :ਇਹਨਾਂ ਆਗੂਆਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹਨਾਂ ਅੱਜ ਐੱਸਵਾਈਐੱਲ ਦੇ ਮਾਮਲੇ ’ਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ 1955 ਵਿਚ ਪੰਜਾਬ ਤੋਂ ਰਾਜਸਥਾਨ ਨੂੰ ਪਾਣੀ ਦੇਣ ਦੇ ਮਾਮਲੇ ’ਤੇ ਚਰਚਾ ਕਰਨ ਤੋਂ ਵੀ ਇਸ ਕਰ ਕੇ ਇਨਕਾਰ ਕੀਤਾ ਹੈ ਕਿਉਂਕਿ ਉਹ ਆਉਂਦੀਆਂ ਚੋਣਾਂ ਵਿਚ ਆਪ ਵਾਸਤੇ ਵੋਟਾਂ ਹਾਸਲ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਵਿਚ ਪਾਣੀਆਂ ਦੀ ਵੰਡ 60:40 ਅਨੁਪਾਤ ਵਿਚ ਹੋਣੀ ਚਾਹੀਦੀ ਹੈ ਨਾ ਕਿ 50:50 ਦੇ ਅਨੁਪਾਤ ਵਿਚ ਹੋਣੀ ਚਾਹੀਦੀ ਹੈ। ਉਹਨਾ ਕਿਹਾ ਕਿ ਇਸਦਾ ਮਤਲਬਹੈ ਕਿ ਉਹਨਾਂ ਨੇ ਪੰਜਾਬ ਦੇ ਹਿੱਤ ਹਰਿਆਣਾ ਨੂੰ ਵੇਚੇ ਹਨ ਤੇ ਇਹ ਰਾਈਪੇਰੀਅਨ ਸਿਧਾਂਤ ਦੇ ਖਿਲਾਫਹੈ ਜਿਸ ਮੁਤਾਬਕ ਪੰਜਾਬ ਦਾ ਇਸਦੇ ਦਰਿਆਈ ਪਾਣੀਆਂ ’ਤੇ ਅਨਿੱਖੜਵਾਂ ਹੱਕ ਹੈ।