ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਾਰੇ ਮਾਮਲੇ ਬਾਰੇ ਜਾਣੂ ਹੋਣ ਦੇ ਬਾਵਜੂਦ ਸ਼ਰਾਬ ਦੀ ਤਸਕਰੀ ਕਰਨ ਵਾਲੇ ਕਾਂਗਰਸੀ ਆਗੂਆਂ ਖ਼ਿਲਾਫ ਕਾਰਵਾਈ ਕਰਨ ਦੇ ਆਪਣੇ ਸੰਵਿਧਾਨਿਕ ਫਰਜ਼ ਨਿਭਾਉਣ ਵਿਚ ਨਾਕਾਮ ਸਾਬਿਤ ਹੋਏ ਹਨ। ਪਾਰਟੀ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਇਸ ਮਾਮਲੇ ਵਿਚ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਇਨ੍ਹਾਂ ਤਸਕਰਾਂ ਦੇ ਨਾਵਾਂ ਦਾ ਜਨਤਕ ਤੌਰ 'ਤੇ ਖ਼ੁਲਾਸਾ ਕਰਨ ਦਾ ਨਿਰਦੇਸ਼ ਦੇਣ।
ਕੈਪਟਨ ਅਮਰਿੰਦਰ ਸਿੰਘ ਨਾਲ ਲੰਚ 'ਤੇ ਹੋਈ ਨਾਰਾਜ਼ ਵਿਧਾਇਕਾਂ ਦੀ ਡਿਪਲੋਮੈਸੀ ਦੇ ਉੱਪਰ ਨਿਸ਼ਾਨਾ ਸਾਧਦੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੈਠਕ 'ਚ ਸ਼ਾਮਲ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਹਾ ਗਿਆ ਕਿ ਜੋ ਵੀ ਇਹ ਨਕਲੀ ਸ਼ਰਾਬ ਦਾ ਕੰਮ ਕਰ ਰਹੇ ਹਨ। ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਜਵਾਬ 'ਚ ਮੁੱਖ ਮੰਤਰੀ ਨੇ ਮੰਨਿਆ ਕਿ ਕੁਝ ਕਾਂਗਰਸੀ ਇਸ ਮਾਮਲੇ 'ਚ ਸ਼ਾਮਿਲ ਹਨ ਜਿਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਅਕਾਲੀ ਦਲ ਨੇ ਕੀਤੀ ਹੈ।