ਚੰਡੀਗੜ੍ਹ: ਤਰਨ ਤਾਰਨ ਜ਼ਿਲ੍ਹੇ ਵਿੱਚ ਪਿੰਡ ਪਹੂਵਿੰਡ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਪਟਾਕਿਆਂ ਨੂੰ ਅੱਗ ਲੱਗਣ ਕਾਰਨ ਵਾਪਰੇ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਨੇ ਤਰਨ ਤਾਰਨ ਧਮਾਕੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ।
ਤਰਨ ਤਾਰਨ ਧਮਾਕਾ: ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ, ਮ੍ਰਿਤਕਾਂ ਲਈ 5 ਲੱਖ ਦੇ ਮੁਆਵਜ਼ੇ ਦਾ ਐਲਾਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ ਅਤੇ ਧਮਾਕੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ।
ਹਾਦਸੇ ਉੱਤੇ ਦੁੱਖ ਜਤਾਉਂਦਿਆਂ ਮੁੱਖ ਮੰਤਰੀ ਨੇ ਮਰਨ ਵਾਲਿਆਂ ਲਈ 5 ਲੱਖ ਦੇ ਮੁਆਵਜ਼ੇ ਦਾ ਐਲਾਨ ਵੀ ਕੀਤਾ ਹੈ। ਉਨ੍ਹਾਂ ਨੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਉਣ ਦਾ ਭਰੋਸਾ ਵੀ ਦਿੱਤਾ ਹੈ। ਮੁੱਖ ਮੰਤਰੀ ਨੇ ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਸਾਰੇ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾਏ ਅਤੇ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨੀ ਕਟਿਹਰੇ ਵਿੱਚ ਖੜਾ ਕੀਤਾ ਜਾਏ। ਉਨ੍ਹਾਂ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਜ਼ਖਮੀਆਂ ਦੇ ਇਲਾਜ ਅਤੇ ਹਰ ਸੰਭਵ ਇਮਦਾਦ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਮ੍ਰਿਤਕਾਂ ਦੇ ਪੋਸਟ-ਮਾਰਟਮ ਜਲਦੀ ਕਰਾਏ ਜਾਣ ਲਈ ਵੀ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ।
ਐਸਐਸਪੀ ਧਰੁਵ ਦਹੀਆ ਮੁਤਾਬਕ ਟਰਾਲੀ 'ਚ ਸਵਾਰ 17-18 ਨੌਜਵਾਨ ਪਟਾਕੇ ਵਜਾਉਂਦੇ ਆ ਰਹੇ ਸਨ। ਇਸ ਦੌਰਾਨ ਟਰਾਲੀ 'ਚ ਪਏ ਪਟਾਕਿਆਂ ਦੇ ਬਾਰੂਦ ਨੂੰ ਅੱਗ ਲੱਗ ਗਈ ਤੇ ਧਮਾਕਾ ਹੋ ਗਿਆ। ਧਮਾਕਾ ਇੰਨ੍ਹਾਂ ਜ਼ਬਰਦਸਤ ਸੀ ਕਿ ਟਰਾਲੀ ਦੇ ਪਰਖੱਚੇ ਉੱਡ ਗਏ। ਟਰਾਲੀ 'ਚ ਸਵਾਰ 14-15 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀ ਹਨ। ਉਨ੍ਹਾਂ ਨੂੰ ਹਸਪਤਾਲ ਭਰਤੀ ਕੀਤਾ ਗਿਆ ਹੈ ਪਰ ਜ਼ਖ਼ਮੀ ਨੌਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ