ਚੰਡੀਗੜ੍ਹ:ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਵਿਚਾਲੇ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਵੀਸੀ ਦੀ ਨਿਯੁਕਤੀ ਨੂੰ ਲੈ ਕੇ ਜਿੱਥੇ ਰਾਜਪਾਲ ਨੇ ਸਰਕਾਰ ਨੂੰ ਪੱਤਰ ਲਿਖ ਕੇ ਨਿਯੁਕਤੀ 'ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਨਿਯੁਕਤੀ ਰੱਦ ਕਰ ਦਿੱਤਾ ਸੀ। ਤਾਂ ਉੱਤੇ ਹੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨਿਯੁਕਤੀ ਨੂੰ ਜਾਇਜ਼ ਠਹਿਰਾਉਂਦਿਆਂ ਰਾਜਪਾਲ ਨੂੰ ਪੱਤਰ ਲਿਖਿਆ ਹੈ।
ਇਸ ਮਾਮਲੇ 'ਤੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਪਿੰਡ 'ਚ ਛੋਟੇ-ਛੋਟੇ ਬੱਚੇ ਲੜਦੇ ਹਨ, ਉਸੇ ਤਰ੍ਹਾਂ ਦਾ ਤਣਾਅ ਅਤੇ ਲੜਾਈ ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਨਜ਼ਰ ਆ ਰਿਹਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨੂੰ ਨੁਕਸਾਨ ਹੋ ਸਕਦਾ ਹੈ।
ਵੜਿੰਗ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਅਤੇ ਰਾਜਪਾਲ ਨੂੰ ਆਪਸ ਵਿੱਚ ਸੁਲ੍ਹਾ ਕਰ ਲੈਣੀ ਚਾਹੀਦੀ ਹੈ ਅਤੇ ਕੁੜੱਤਣ ਨੂੰ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਰਾਜਪਾਲ ਅਤੇ ਮੁੱਖ ਮੰਤਰੀ ਦਰਮਿਆਨ ਵਿਵਾਦ ਸ਼ੁਰੂ ਹੋਣ ਦਾ ਕਾਰਨ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਲਿਆਉਣਾ ਸੀ। ਸਰਕਾਰ ਵਿਧਾਨ ਸਭਾ 'ਚ ਭਰੋਸੇ ਦਾ ਮਤਾ ਲਿਆਉਣਾ ਚਾਹੁੰਦੀ ਸੀ ਅਤੇ ਰਾਜਪਾਲ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ, ਇਸ ਦੇ ਬਾਵਜੂਦ ਸੂਬਾ ਸਰਕਾਰ ਨੇ ਵਿਧਾਨ ਸਭਾ 'ਚ ਪਿਛਲੇ ਦਰਵਾਜ਼ੇ ਤੋਂ ਭਰੋਸੇ ਦਾ ਮਤਾ ਲਿਆਂਦਾ, ਜਦਕਿ ਸੈਸ਼ਨ ਕਿਸੇ ਹੋਰ ਮੁੱਦੇ 'ਤੇ ਬੁਲਾਇਆ ਗਿਆ ਸੀ।