ਚੰਡੀਗੜ੍ਹ:18 ਮਾਰਚ ਨੂੰ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਵਿੱਢੀ ਗਈ ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ ਜਿਥੇ ਅੰਮ੍ਰਿਤਪਾਲ ਸਿੰਘ ਫਰਾਰ ਹੈ ਤਾਂ ਉੱਥੇ ਹੀ ਉਹਨਾਂ ਦੀ ਕਥਿਤ ਸਾਥੀਆਂ ਉੱਤੇ ਕਾਰਵਾਈ ਕਰਦਿਆਂ ਗਿਰਫ਼ਤਾਰ ਕੀਤਾ ਗਿਆ ਹੈ ਇਹਨਾਂ ਵਿੱਚ ਹੀ ਨਾਮ ਹੈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਸਰਬਜੀਤ ਕਲਸੀ ਉਰਫ ਦਲਜੀਤ ਕਲਸੀ ਜਿਸਨੂੰ ਕਾਬੂ ਕਰਕੇ ਪੁਲਿਸ ਨੇ ਅਸਾਮ ਦੀ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ। ਇਸੇ ਨੂੰ ਲੈ ਕੇ ਹੁਣ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਦਰਅਸਲ ਇਹ ਪਟੀਸ਼ਨ ਕਲਸੀ ਦੀ ਪਤਨੀ ਨੇ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ।
ਮਾਮਲੇ ਦੀ ਸੁਣਵਾਈ: ਦੱਸ ਦਈਏ ਕਿ ਦਲਜੀਤ ਕਲਸੀ ਐਨਐਸਏ ਅਧੀਨ ਹੈ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਕਲਸੀ ਨੂੰ ਪਟੀਸ਼ਨ 'ਚ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਦਰਅਸਲ ਦਲਜੀਤ ਕਲਸੀ ਨੂੰ 19 ਮਾਰਚ ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਸੀ।ਸਰਬਜੀਤ ਕਲਸੀ ਦੀ ਪਤਨੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਹਾਈ ਕੋਰਟ 'ਚ ਇਸ ਮਾਮਲੇ ਦੀ ਸੁਣਵਾਈ 28 ਮਾਰਚ ਨੂੰ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋ ਅਜੇ ਤੱਕ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਉਸ ਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਦੂਜੇ ਪਾਸੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ ਅਤੇ ਅਦਾਲਤ ਵਿੱਚ ਪੇਸ਼ ਨਹੀਂ ਕਰ ਰਹੀ। ਜਿਸ ਨੂੰ ਲੈ ਕੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ। ਅੰਮ੍ਰਿਤਪਾਲ ਦੇ ਵਕੀਲ ਨੇ ਹੈਬੀਅਸ ਕਾਰਪਸ ਰਿੱਟ ਦਾਇਰ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ 'ਚ ਰੱਖਿਆ ਜਾ ਰਿਹਾ ਹੈ। ਜਿਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਮੰਗਿਆ ਹੈ।