ਚੰਡੀਗੜ੍ਹ: ਨਸ਼ਾ ਤਸਕਰੀ ਵਿਰੁੱਧ ਗਠਿਤ ਐਸਟੀਐਫ ਨੇ ਬਰਖ਼ਾਸਤ AIG ਰਾਜ ਜੀਤ ਸਿੰਘ ਖ਼ਿਲਾਫ਼ ਮੋਹਾਲੀ ਪੁਲਿਸ ਸਟੇਸ਼ਨ ਵਿਚ ਕੇਸ ਦਰਜ ਕੀਤਾ ਹੈ। ਇਹ ਕੇਸ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 13 ਅਤੇ ਐਨਡੀਪੀਐਸ ਐਕਟ ਦੀ ਧਾਰਾ 59 ਅਧੀਨ ਕੀਤਾ ਗਿਆ ਹੈ। ਇਹ ਕਾਗਜ਼ੀ ਕਾਰਵਾਈ ਸਿਧਾਰਥ ਚਟੋਪਾਧਿਆਏ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ 'ਤੇ ਕੀਤੀ ਗਈ ਹੈ, ਜਿਸ 'ਚ ਖੁਲਾਸਾ ਹੋਇਆ ਸੀ ਕਿ ਰਾਜਜੀਤ ਸਿੰਘ ਨਸ਼ਾ ਤਸਕਰੀ ਦੇ ਮਾਮਲਿਆਂ 'ਚ ਪੈਸੇ ਦੀ ਉਗਰਾਹੀ ਕਰਦਾ ਸੀ।
ਕਿਉਂ ਹੋਇਆ ਮਾਮਲਾ ਦਰਜ ?ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਪੈਸ਼ਲ STF ਵੱਲੋਂ ਬਰਖ਼ਾਸਤ AIG ਰਾਜਜੀਤ ਸਿੰਘ ਖਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਜਨਤਕ ਕੀਤੀਆਂ ਗਈਆਂ ਤਿੰਨ SIT ਰਿਪੋਰਟਾਂ ਦੇ ਆਧਾਰ ਉੱਤੇ ਮੋਹਾਲੀ ਪੁਲਿਸ ਸਟੇਸ਼ਨ ਵਿਚ ਕੇਸ ਦਰਜ ਕੀਤਾ ਗਿਆ ਹੈ। ਮੋਹਾਲੀ ਪੁਲਿਸ ਸਟੇਸ਼ਨ ਵਿਚ ਦਰਜ FIR ਵਿੱਚ ਰਾਜਜੀਤ ਸਿੰਘ ਖਿਲਾਫ਼ ਜਬਰੀ ਵਸੂਲੀ ਮਾਮਲੇ ਦਾ ਜ਼ਿਕਰ ਕੀਤਾ ਗਿਆ ਹੈ। ਕਿਉਂਕਿ ਸਿੱਟ ਦੀਆਂ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਬਰਖ਼ਾਸਤ AIG ਰਾਜਜੀਤ ਸਿੰਘ ਦੀ ਪੰਜਾਬ ਪੁਲਿਸ ਦੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲੀਭੁਗਤ ਹੈ।
ਰਾਜਜੀਤ ਸਿੰਘ ਖ਼ਿਲਾਫ਼ ਲੁੱਕ ਆਊਟ ਨੋਟਿਸ:-ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜਦ ਕਰਨ ਅਤੇ ਮੁਅੱਤਲ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੋਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦਾ ਫੋਨ ਬੰਦ ਹੈ ਅਤੇ ਇਹ ਅੰਦਾਜ਼ੇ ਲੱਗ ਰਹੇ ਹਨ ਕਿ ਰਾਜਜੀਤ ਸਿੰਘ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਹੈ। ਹਾਲਾਂਕਿ ਰਾਜਜੀਤ ਸਿੰਘ ਦੇ ਖ਼ਿਲਾਫ਼ ਵਿਜੀਲੈਂਸ ਜਾਂਚ ਕਰ ਰਹੀ ਹੈ।
ਪੂਰਾ ਮਾਮਲਾ ਕੀ ਸੀ ?ਇਹ ਵੀ ਦੱਸ ਦਈਏ ਕਿ 2017 ਵਿਚ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾ ਤਸਕਰੀ ਆਦਿ ਨੂੰ ਰੋਕਣ ਲਈ ਏਡੀਜੀਪੀ ਹਰਪ੍ਰੀਤ ਸਿੱਧੂ ਦੀ ਅਗਵਾਈ 'ਚ ਇਕ ਵਿਸ਼ੇਸ਼ ਟਾਸਕ ਫੋਰਸ ਬਣਾਈ ਸੀ। ਉਸ ਵੇਲੇ ਦੇ ਏਆਈਜੀ ਰਾਜਜੀਤ ਸਿੰਘ ਤੇ ਇੰਸਪੈਕਟਰ ਦੀ ਭੂਮਿਕਾ ’ਤੇ ਸਵਾਲ ਉੱਠੇ ਸਨ। ਇੰਸਪੈਕਟਰ ਇੰਦਰਜੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਕੀਤਾ ਗਿਆ ਹੈ।
ਰਾਜਜੀਤ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਇਸ ਦੀ ਹਰਪ੍ਰੀਤ ਸਿੰਘ ਸਿੱਧੂ ਦੀ ਥਾਂ ਕਿਸੇ ਹੋਰ ਅਧਿਕਾਰੀ ਤੋਂ ਜਾਂਚ ਕਰਵਾਈ ਜਾਵੇ। ਇਸ ਉੱਤੇ ਹਾਈਕੋਰਟ ਨੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਬਣਾਈ ਹੈ। ਇਸ ਵਿੱਚ ਡਾਇਰੈਕਟਰ ਆਫ ਇਨਵੈਸਟੀਗੇਸ਼ਨ ਪ੍ਰਬੋਧ ਕੁਮਾਰ ਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਨਾਂ ਵੀ ਸ਼ਾਮਿਲ ਹੈ।