ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੱਜ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਵੇਰਵਿਆਂ ਦੇ ਆਧਾਰ ‘ਤੇ ਪਾਸਪੋਰਟ ਬਣਾਕੇ ਅਤੇ ਮੁਹੱਈਆ ਕਰਵਾ ਕੇ ਦੇਸ਼ ਵਿੱਚੋਂ ਫਰਾਰ ਹੋਣ ਵਿੱਚ ਮਦਦ ਕਰਨ ਵਾਲੇ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਸ ਗਰੋਹ ਦੇ 3 ਮੈਂਬਰਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ ਵਿੱਚੋਂ ਇੱਕ ਓਮਕਾਰ ਸਿੰਘ ਨੂੰ ਜਲੰਧਰ, ਸੁਖਜਿੰਦਰ ਸਿੰਘ ਨੂੰ ਪਟਿਆਲਾ ਅਤੇ ਪ੍ਰਭਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਫਰਜ਼ੀ ਪਾਸਪੋਰਟ ਬਰਾਮਦ ਹੋਏ ਹਨ। ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਉਨ੍ਹਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚਰਨਜੀਤ ਸਿੰਘ ਬਰੇਲੀ ਨੇ ਦੀਪਕ ਬਾਕਸਰ ਦਾ ਪਾਸਪੋਰਟ ਜਾਅਲੀ ਬਣਾਇਆ ਸੀ। ਚਰਨਜੀਤ ਸਿੰਘ ਬਰੇਲੀ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਕਿਸ ਤਰ੍ਹਾ ਬਣਾਏ ਜਾਅਲੀ ਪਾਸਪੋਰਟ :ਚਰਨਜੀਤ ਸਿੰਘ ਬਰੇਲੀ ਵੀ ਇਸ ਗਰੁੱਪ ਨਾਲ ਜੁੜੇ ਹੋਏ ਸਨ। ਬੱਬੀਆ ਗੈਂਗ ਦੇ ਵਰਿੰਦਰਪਾਲ ਸਿੰਘ ਅਤੇ ਜਸਵਿੰਦਰ ਸਿੰਘ ਖਾਟੂ ਵਰਗੇ ਹੋਰ ਗੈਂਗਸਟਰ ਵੀ ਉਨ੍ਹਾਂ ਲਈ ਜਾਅਲੀ ਪਾਸਪੋਰਟ ਬਣਵਾ ਲੈਂਦੇ ਸਨ। ਸੁਖਜਿੰਦਰ ਸਿੰਘ ਨੇ ਦੀਪੂ ਅਜਨਾਲਾ ਦਾ ਜਾਅਲੀ ਪਾਸਪੋਰਟ ਵੀ ਬਣਾਇਆ ਸੀ। ਜੋ ਚੱਠਾ ਗਰੁੱਪ ਦਾ ਮੈਂਬਰ ਹੈ। ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧ ਵਿਰੁੱਧ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਇਹ ਵੱਡੀ ਸਫਲਤਾ ਹੈ। ਅਸੀਂ ਗੈਂਗਸਟਰ ਦੇ ਭੱਜਣ ਦੇ ਸਾਰੇ ਰਸਤੇ ਬੰਦ ਕਰ ਰਹੇ ਹਾਂ। ਅਤੇ ਉਨ੍ਹਾਂ ਨੂੰ ਬਾਹਰ ਭੇਜਣ ਵਿੱਚ ਮਦਦ ਕਰਨ ਵਾਲੇ ਸਾਰੇ ਲੋਕਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਪੁਲਿਸ ਅਜਿਹੇ ਹੋਰ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਨੂੰ ਕਾਬੂ ਕਰਨ ਵਿੱਚ ਕਾਮਯਾਬ ਹੋਵੇਗੀ।