ਚੰਡੀਗੜ੍ਹ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ਮੌਕੇ 28 ਮਈ ਨੂੰ ਰਾਜ ਵਿਆਪੀ ‘ਉਡਾਣ’ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ। ਜਿਸ ਤਹਿਤ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਵੰਡੇ ਜਾਣਗੇ।
ਇਸ ਬਾਰੇ ਸ੍ਰੀਮਤੀ ਚੌਧਰੀ ਨੇ ਦੱਸਿਆ ਹੈ ਕਿ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਮਾਣ-ਸਤਿਕਾਰ ਨਾਲ ਜ਼ਿੰਦਗੀ ਜਿਊਣ ਦਾ ਮੌਕਾ ਦੇਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਆਂਗਨਵਾੜੀ ਵਰਕਰਾਂ ਰਾਹੀਂ ਔਰਤਾਂ ਨੂੰ ਸੈਨੇਟਰੀ ਨੈਪਕਿਨਾਂ ਦੀ ਵੰਡ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਹੈ ਕਿ ਇਸ ਨਾਲ ਔਰਤਾਂ ਨੂੰ ਮਾਸਿਕ ਧਰਮ ਸਮੇਂ ਵੀ ਆਪਣੀ ਰੋਜ਼ਾਨਾ ਜ਼ਿੰਦਗੀ ਆਤਮ-ਵਿਸ਼ਵਾਸ ਤੇ ਮਾਣ ਨਾਲ ਜੀਣ ਦਾ ਮੌਕਾ ਮਿਲੇਗਾ ਅਤੇ ਉਹ ਨਿੱਜੀ ਸਫ਼ਾਈ ਦੇ ਮਹੱਤਵ ਨੂੰ ਸਮਝਣਗੀਆਂ।
ਕੈਬਨਿਟ ਮੰਤਰੀ ਨੇ ਦੱਸਿਆ ਹੈ ਕਿ ਇਹ ਰਾਜ ਵਿਆਪੀ ਪ੍ਰਾਜੈਕਟ ਪੰਜਾਬ ਸਰਕਾਰ ਦਾ ਇਕ ਹੋਰ ਸ਼ਲਾਘਾਯੋਗ ਉਪਰਾਲਾ ਹੈ। ਜਿਸ ਨਾਲ ਔਰਤਾਂ ਦੇ ਸ਼ਕਤੀਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬੱਸਾਂ ਵਿੱਚ ਸਾਰੀਆਂ ਔਰਤਾਂ ਲਈ ਸਫ਼ਰ ਦੀ ਸਹੂਲਤ ਮੁਫ਼ਤ ਕੀਤੀ ਹੈ ਅਤੇ ਔਰਤਾਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਹੈ ਅਤੇ ਪੰਚਾਇਤੀ ਰਾਜ ਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:Corona vaccine : ਸਿਹਤ ਵਿਭਾਗ ਦੇ ਨੋਟਿਸ ਤੋਂ ਮੰਤਰੀ ਹੀ ਬੇਖ਼ਬਰ !