ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸੱਤਾ ਸਾਂਭਣ ਤੋਂ ਪਹਿਲਾਂ ਸੂਬੇ ਦੀ ਸਿੱਖਿਆ ਪ੍ਰਣਾਲੀ 'ਚ ਸੁਧਾਰ ਕਰਨ ਦੇ ਦਾਅਵੇ ਕੀਤੇ ਗਏ ਸਨ। ਜਿੰਨ੍ਹਾਂ ਨੂੰ ਮਾਨ ਸਰਕਾਰ ਸੱਤਾ ਸਾਂਭਦੇ ਹੀ ਪੂਰੇ ਕਰਨ ਦੇ ਰਾਹ 'ਤੇ ਤੁਰ ਪਈ ਹੈ। ਜਿਸ 'ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਸਰਕਾਰੀ ਸਕੂਲਾਂ ਨੂੰ ਲੈਕੇ ਇੱਕ ਹੋਰ ਵੱਡਾ ਐਲਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਕੀਤਾ ਗਿਆ ਹੈ।
ਸਰਕਾਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ:ਜਿਸ ਦੇ ਚੱਲਦਿਆਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਹੁਣ ਆਨਲਾਈਨ ਹਾਜ਼ਰੀ ਲੱਗੇਗੀ। ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ ਜਦੋਂ ਵੀ ਉਨ੍ਹਾਂ ਦਾ ਬੱਚਾ ਸਕੂਲ ਤੋਂ ਗੈਰਹਾਜ਼ਰ ਹੁੰਦਾ ਹੈ।
ਸਿੱਖਿਆ ਮੰਤਰੀ ਬੈਂਸ ਨੇ ਦਿੱਤੀ ਜਾਣਕਾਰੀ:ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਸਾਂਝੀ ਕਰਕੇ ਖੁਦ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-'ਸਾਡੇ ਮਾਣਯੋਗ ਮੁੱਖ ਮੰਤਰੀ ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਹੋਵੇਗਾ। ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ ਜਦੋਂ ਵੀ ਉਹਨਾਂ ਦਾ ਬੱਚਾ ਸਕੂਲ ਤੋਂ ਗੈਰਹਾਜ਼ਰ ਹੁੰਦਾ ਹੈ।
ਪੰਜਾਬ 'ਚ ਦਿੱਲੀ ਦਾ ਸਿੱਖਿਆ ਮਾਡਲ ਲਾਗੂ:ਕਾਬਿਲੇਗੌਰ ਹੈ ਕਿ ਮਾਨ ਸਰਕਾਰ ਵਲੋਂ ਪੰਜਾਬ 'ਚ ਦਿੱਲੀ ਦਾ ਸਿੱਖਿਆ ਮਾਡਲ ਲਾਗੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਸਰਕਾਰ ਵਲੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਲੈਕੇ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਕਈ ਵਾਰ ਸਰਕਾਰੀ ਸਕੂਲਾਂ 'ਚ ਅਚਨਚੇਤ ਚੈਕਿੰਗ ਵੀ ਕੀਤੀ ਜਾਂਦੀ ਰਹੀ ਹੈ ਤੇ ਖਾਮੀਆਂ ਮਿਲਣ 'ਤੇ ਉਸ 'ਚ ਸੁਧਾਰ ਕਰਨ ਦੀ ਗੱਲ ਵੀ ਆਖੀ ਹੈ।