ਚੰਡੀਗੜ੍ਹ: ਦੇਸ਼ ਭਰ ਵਿੱਚ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਦੱਸ ਦਈਏ, ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਨ੍ਹਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਗੁਰੂ ਸਾਹਿਬ ਨੇ ਬਾਬਾ ਅਜੀਤ ਸਿੰਘ ਜੀ ਨੂੰ ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਸੀ।
ਕਿਵੇਂ ਹੋਏ ਸ਼ਹੀਦ
19-20 ਦਸੰਬਰ 1704 ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦਾ ਕਿੱਲ੍ਹਾ ਛੱਡਿਆ। ਸਰਸਾ ਦੇ ਕੰਢੇ ਜੰਗ ਹੋਈ ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਅਗਵਾਈ ਕੀਤੀ, ਜਦ ਕਿ ਬਾਕੀ ਸਿੰਘ ਸਰਸਾ ਪਾਰ ਕਰ ਗਏ ਤੇ ਪਿੱਛੋਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਵੀ ਸਰਸਾ ਪਾਰ ਕੀਤੀ।
ਇਸ ਦੇ ਨਾਲ ਹੀ ਰੋਪੜ ਦੇ ਕਈ ਸਥਾਨਾਂ 'ਤੇ ਪਠਾਣਾਂ ਨਾਲ ਲੜਾਈ ਹੋਈ। ਇਸ ਉਪਰੰਤ ਬਾਕੀ 40 ਸਿੰਘਾਂ ਸਮੇਤ ਸਰਸਾ ਪਾਰ ਕਰਨ ਉਪਰੰਤ ਚਮਕੌਰ ਸਾਹਿਬ ਪਹੁੰਚੇ। ਇੱਥੇ ਚੌਧਰੀ ਬੁਧੀ ਚੰਦ ਦੀ ਇੱਕ ਗੜ੍ਹੀ ਸੀ ਜਿਸ ਵਿੱਚ ਗੁਰੂ ਜੀ 2 ਵੱਡੇ ਸਾਹਿਬਜ਼ਾਦਿਆਂ ਤੇ 40 ਸਿੰਘਾਂ ਨੇ 10 ਲੱਖ ਦੀ ਫ਼ੌਜ ਦਾ ਡੱਟ ਕੇ ਸਾਹਮਣਾ ਕੀਤਾ ਅਤੇ ਅੰਤ ਸਾਹਿਬਜ਼ਾਦਾ ਅਜੀਤ ਸਿੰਘ ਜੀ ਸ਼ਹੀਦ ਹੋ ਗਏ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਣੇ ਹੋਰ ਸਿਆਸੀ ਆਗੂਆਂ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ।