ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਦਾ ਸੂਬੇ ਭਰ ਦੀਆਂ ਕਿਸਾਨ ਜਥੇਬੰਦੀਆਂ ਸਣੇ ਕਲਾਕਾਰ ਅਤੇ ਸਿਆਸੀ ਪਾਰਟੀਆਂ ਵਿਰੋਧ ਕਰ ਰਹੀਆਂ ਹਨ ਤਾਂ ਉੱਥੇ ਹੀ ਪੰਜਾਬ ਭਾਜਪਾ ਲਈ ਅਕਾਲੀ ਦਲ ਨਾਲੋਂ ਗੱਠਜੋੜ ਟੁੱਟਣ ਤੋਂ ਬਾਅਦ ਆਪਣਾ ਸਿਆਸੀ ਆਧਾਰ ਬਚਾਉਣ ਲਈ ਮੁਸੀਬਤ ਵੀ ਦੁਗਣੀ ਬਣ ਚੁੱਕੀ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਤੇ ਭਾਜਪਾ ਸੀਨੀਅਰ ਆਗੂ ਸੁਰਜੀਤ ਜਿਆਨੀ ਨੇ ਕਿਹਾ ਕਿ ਸਰਦਾਰਾ ਸਿੰਘ ਜੌਹਲ ਜਿਨ੍ਹਾਂ ਦੀ ਖੇਤੀਬਾੜੀ ਨੂੰ ਬਹੁਤ ਵੱਡੀ ਦੇਣ ਹੈ। ਬਾਕੀ ਸਰਦਾਰਾ ਸਿੰਘ ਜੌਹਲ ਦੇ ਨਾਂਅ ਤੋਂ ਬਾਅਦ ਕੁੱਝ ਵੀ ਕਹਿਣ ਦੀ ਜ਼ਰੂਰਤ ਨਹੀਂ। ਉਨ੍ਹਾਂ ਨੇ ਖੇਤੀਬਾੜੀ ਲਈ ਬਹੁਤ ਹੀ ਉਪਰਾਲੇ ਕੀਤੇ ਹਨ। ਜਿਆਨੀ ਨੇ ਕਿਹਾ ਕਿ ਕੁੱਝ ਸ਼ਰਾਰਤੀ ਲੋਕ ਜਾਣਬੁੱਝ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਸਿਆਸੀ ਪਾਰਟੀਆਂ ਵੀ ਆਪਣੀਆਂ ਵੋਟਾਂ ਖ਼ਾਤਰ ਇਹ ਡਰਾਮਾ ਕਰ ਰਹੀਆਂ ਹਨ।
ਜਿਆਨੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਕੰਟਰੈਕਟ ਫ਼ਾਰਮਿੰਗ ਟੈਸਟ ਨੂੰ ਪਾਸ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਕੇਂਦਰ ਸਰਕਾਰ ਕੋਈ ਰਿਫ਼ੋਰਮ ਜਾਂ ਬਿੱਲ ਲਿਆਉਂਦੀ ਹੈ ਤਾਂ ਸੂਬੇ ਦੇ ਮੁੱਖ ਮੰਤਰੀਆਂ ਨੂੰ ਪੁੱਛਿਆ ਜਾਂਦਾ ਅਤੇ ਇਸ ਵਿੱਚ ਕੋਈ ਵੀ ਜਲਦਬਾਜ਼ੀ ਨਹੀਂ ਕੀਤੀ ਗਈ।