ਚੰਡੀਗੜ੍ਹ:ਪੰਜਾਬ ਵਿੱਚੋਂ ਪ੍ਰਾਈਵੇਟ ਬੱਸ ਮਾਫ਼ੀਆ ਜੜ੍ਹੋਂ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਦੀ ਕਮਾਨ ਸੰਭਾਲਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਇੰਟਰ-ਸਟੇਟ ਰੂਟਾਂ 'ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ।
'ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ':ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਦੀਆਂ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਨਿੱਜੀ ਕਾਰੋਬਾਰ ਚਲਾਉਣ ਦੀ ਸੌੜੀ ਨੀਤੀ ਤਹਿਤ ਸਕੀਮਾਂ ਬਣਾਈਆਂ। ਜਿਸ ਵਿੱਚ ਉਨ੍ਹਾਂ ਤੋਂ ਬਾਅਦ ਦੀ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ।
'ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ ਬਣਾਈ ਗਈ 'ਪੰਜਾਬ ਟਰਾਂਸਪੋਰਟ ਸਕੀਮ-2018':ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ 'ਪੰਜਾਬ ਟਰਾਂਸਪੋਰਟ ਸਕੀਮ-2018' ਬਣਾਈ ਗਈ। ਜਿਸ ਵਿੱਚ ਸਟੇਟ ਸ਼ੇਅਰ ਘਟਾ ਕੇ ਵੱਡੇ ਬੱਸ ਆਪ੍ਰੇਟਰਾਂ ਨੂੰ ਫ਼ਾਇਦਾ ਤਾਂ ਪਹੁੰਚਾਇਆ ਹੀ ਗਿਆ ਜਿਸ ਦਾ ਸਿੱਧਾ ਫ਼ਾਇਦਾ ਬਾਦਲ ਪਰਿਵਾਰ ਨੂੰ ਮਿਲਿਆ, ਸਗੋਂ ਚੰਡੀਗੜ੍ਹ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਬਾਦਸਤੂਰ ਜਾਰੀ ਰਿਹਾ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਪੱਧਰ 'ਤੇ ਢਾਹ ਲਾਈ ਜਾਂਦੀ ਰਹੀ।