ਚੰਡੀਗੜ੍ਹ: ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਵਿੱਚ ਹੋਈ ਘਟਨਾ ਤੋਂ ਬਾਅਦ ਕਰਮਚਾਰੀਆਂ ਦੀ ਸੂਬਾ ਪੱਧਰੀ ਹੜਤਾਲ ਚੱਲ ਰਹੀ ਸੀ। ਇਸ ਹੜਤਾਲ ਨੂੰ ਖ਼ਤਮ ਕਰਨ ਲਈ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ। ਬਾਜਵਾ ਦੀ ਦਖਲਅੰਦਾਜ਼ੀ ਤੋਂ ਬਾਅਦ ਇਹ ਹੜਤਾਲ ਖ਼ਤਮ ਕੀਤੀ ਗਈ।
ਜਾਣਕਾਰੀ ਮੁਤਾਬਕ ਪੇਂਡੂ ਵਿਕਾਸ ਮੰਤਰੀ ਦੀ ਰਿਹਾਇਸ਼ ਉੱਤੇ ਵਿਭਾਗ ਦੇ ਅਧਿਕਾਰੀਆਂ ਤੇ ਜ਼ਿਲ੍ਹਾ ਮਾਨਸਾ ਦੀ ਕਾਂਗਰਸ ਕਮੇਟੀ ਦੀ ਪ੍ਰਧਾਨ ਮੰਜੂ ਬਾਂਸਲ ਦਰਮਿਆਨ ਹੋਈ ਮੀਟਿੰਗ ਵਿੱਚ ਆਪਸੀ ਗਿਲੇ ਸ਼ਿਕਵੇ ਗੱਲਬਾਤ ਰਾਹੀਂ ਦੂਰ ਕਿਤੇ ਗਏ। ਮੰਤਰੀ ਨੇ ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫਤਰ ਵਿਚ ਹੋਈ ਘਟਨਾ ਮੰਦਭਾਗੀ ਦੱਸਦਿਆਂ ਹੋਇਆ ਕਿਹਾ ਕਿ ਇਹ ਨਹੀਂ ਹੋਣੀ ਚਾਹੀਦੀ ਸੀ।