ਚੰਡੀਗੜ੍ਹ :ਇਕ ਪਾਸੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ ਤਾਂ ਦੂਜੇ ਪਾਸੇ ਸਰਕਾਰ ਨੇ ਇੰਟਰਨੈਟ ਅਤੇ ਐੱਸਐਮਐੱਸ ਸੇਵਾ ਉੱਤੇ ਲ਼ਈ ਰੋਕ ਨੂੰ ਵੀ ਦੋ ਦਿਨਾਂ ਲਈ ਵਧਾ ਦਿੱਤਾ ਹੈ। ਇਸ ਲਈ ਸੂਬਾ ਸਰਕਾਰ ਨੇ ਗ੍ਰਹਿ ਮੰਤਰੀ ਦੇ ਹਵਾਲੇ ਨਾਲ ਜਾਰੀ ਇਕ ਪੱਤਰ ਵੀ ਜਾਰੀ ਕੀਤਾ ਹੈ। ਇਸ ਮੁਤਾਬਿਕ ਪੰਜਾਬ ਵਿੱਚ ਇੰਟਰਨੈਟ ਸੇਵਾਵਾਂ ਉੱਤੇ ਪਾਬੰਦੀ ਵਧਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਸਾਰੀਆਂ ਮੋਬਾਈਲ ਇੰਟਰਨੈਟ ਸੇਵਾਵਾਂ, ਸਾਰੀਆਂ ਐੱਸਐੱਮਐੱਸ ਸੇਵਾਵਾਂ, ਜਿਵੇਂ ਕਿ ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ ਬਾਕੀ ਦੀਆਂ ਮੋਬਾਇਲ ਨੈਟਵਰਕਾਂ 'ਤੇ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਨੂੰ ਰੋਕ ਦਿੱਤਾ ਗਿਆ ਹੈ। ਇਹ ਵੀ ਯਾਦ ਰਹੇ ਕਿ ਸਾਰੀਆਂ ਡੋਂਗਲ ਸੇਵਾਵਾਂ, ਵੌਇਸ ਕਾਲ ਨੂੰ ਛੱਡ ਕੇ ਬਾਕੀ ਦੀਆਂ ਇੰਟਰਨੈੱਟ ਸੇਵਾਵਾਂ 20 ਮਾਰਚ ਦੁਪਹਿਰ 12:00 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਪਹਿਲਾਂ 19 ਮਾਰਚ 12 ਵਜੇ ਤੱਕ ਸੀ ਪਾਬੰਦੀ : ਦਰਅਸਲ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਸੂਬੇ ਵਿੱਚ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਮੋਬਾਇਲ ਫੋਨਾਂ ਰਾਹੀਂ ਕਿਸੇ ਵੀ ਤਰ੍ਹਾਂ ਦੀ ਅਫਵਾਹ ਫੈਲਣ ਦੇ ਡਰੋਂ ਅਤੇ ਲੋਕਾਂ ਦੀ ਸੁਰੱਖਿਆ ਹਿੱਤ ਇਹ ਫੈਸਲਾ ਲਿਆ ਗਿਆ ਸੀ ਕਿ ਮੋਬਾਇਲ ਇੰਟਰਨੈੱਟ ਸੇਵਾਵਾਂ 19 ਮਾਰਚ 12 ਵਜੇ ਤੱਕ ਰੋਕੀਆਂ ਜਾਣਗੀਆਂ। ਪਰ ਹੁਣ ਨਵਾਂ ਫੈਸਲਾ ਲਿਆ ਗਿਆ ਹੈ ਕਿ ਸਰਕਾਰ ਨੇ ਨੈੱਟ ਸੇਵਾ ਉੱਤੇ ਲਗਾਈ ਰੋਕ ਨੂੰ ਦੋ ਦਿਨਾਂ ਲਈ ਵਧਾ ਦਿੱਤਾ ਹੈ।