ਚੰਡੀਗੜ੍ਹ: ਪੰਜਾਬ ਵਿੱਚ ਜ਼ਬਰਦਸਤ ਜਿੱਤ ਹਾਸਲ ਕਰਨ ਤੋਂ ਬਾਅਦ ਭਵਿੱਖ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਸੋਮਵਾਰ ਯਾਨੀ ਅੱਜ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇਣਾ ਹੋਵੇਗਾ।
ਜਿੱਤ ਦਰਜ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਦੋਵਾਂ ਨੇਤਾਵਾਂ ਦੀ ਮੁਲਾਕਾਤ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਿਆ। ਭਗਵੰਤ ਮਾਨ ਦੀ ਇਸ ਪ੍ਰਾਪਤੀ ਦੀ ਦੇਸ਼ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਚਰਚਾ ਹੋ ਰਹੀ ਹੈ।
16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ
'ਆਪ' ਨੇ 117 ਮੈਂਬਰੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਰਿਕਾਰਡ 92 ਸੀਟਾਂ ਜਿੱਤੀਆਂ ਹਨ। ਨਤੀਜੇ ਐਲਾਨੇ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਰਾਜਪਾਲ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ 'ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਹੁਣ ਭਗਵੰਤ ਮਾਨ 16 ਮਾਰਚ ਨੂੰ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਐਤਵਾਰ ਨੂੰ ਕੱਢਿਆ ਜਿੱਤ ਦਾ ਰੋਡ ਸ਼ੋਅ
ਪੰਜਾਬ 'ਚ ਨਵੀਂ ਸਰਕਾਰ ਬਣਨ ਜਾਂ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਅਹੁਦੇਦਾਰ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ 'ਚ ਆਪਣਾ ਜੇਤੂ ਮਾਰਚ ਕੱਢਿਆ। ਜਿੱਥੇ ਉਨ੍ਹਾਂ ਨੇ ਅੰਮ੍ਰਿਤਸਰ ਅਤੇ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ।
ਇਸ ਸਮੇਂ ਬੋਲਦਿਆ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਹੀ ਨਹੀਂ ਸਗੋਂ ਪੰਜਾਬ ਦਾ ਬੱਚਾ-ਬੱਚਾ ਮੁੱਖ ਮੰਤਰੀ ਬਣੇਗਾ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਰੋਡ ਸ਼ੋਅ ਹੋਣ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਨਵੇਂ ਬਣੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਨਤਮਸਤਕ ਹੋਏ।
"ਸਹੁੰ ਚੁੱਕ ਸਮਾਗਮ 'ਚ 'ਬਸੰਤੀ ਪੱਗ' ਬੰਨ੍ਹ ਕੇ ਆਉਣ ਲੋਕ"
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਅਹੁਦੇਦਾਰ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ 'ਚ ਆਪਣਾ ਜੇਤੂ ਮਾਰਚ ਕੱਢਿਆ। ਜਿੱਥੇ ਉਨ੍ਹਾਂ ਨੇ ਅੰਮ੍ਰਿਤਸਰ ਅਤੇ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭਗਵੰਤ ਮਾਨ ਨੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਸਾਰੇ ਲੋਕ ਸਹੁੰ ਚੁੱਕ ਸਮਾਗਮ 'ਚ 'ਬਸੰਤੀ ਪੱਗ' ਬੰਨ੍ਹ ਕੇ ਆਉਣ।
ਇਹ ਵੀ ਪੜ੍ਹੋ:ਰੋਡ ਸ਼ੋਅ ਦੌਰਾਨ ਬੋਲੇ ਕੇਜਰੀਵਾਲ, "ਪੰਜਾਬੀਓ ਤੁਸੀਂ ਕਮਾਲ ਕਰ ਦਿੱਤਾ, ਹੁਣ ਰੰਗਲਾ ਪੰਜਾਬ ਬਣਾਵਾਂਗੇ"